ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 8 ਸਤੰਬਰ
ਅੰਮ੍ਰਿਤਸਰ ਦਿਹਾਤੀ ਪੁਲੀਸ ਨੂੰ ਅੱਜ ਇੱਥੇ ਪੁਲੀਸ ਕੰਟਰੋਲ ਰੂਮ ਵਿੱਚ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਚੌਕਸ ਕਰ ਦਿੱਤਾ ਗਿਆ। ਫੋਨ ਕਰਨ ਵਾਲੇ ਨੇ ਤਰਸਿੱਕਾ ਪੁਲੀਸ ਥਾਣੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ।
ਐੱਸਐੱਸਪੀ ਚਰਨਜੀਤ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲੀਸ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ ਕਰਨ ਲਈ ਯਤਨ ਕਰ ਰਹੀ ਹੈ। ਇਸ ਸਬੰਧ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਤਰਸਿੱਕਾ ਥਾਣੇ ਨੂੰ ਅਲਰਟ ’ਤੇ ਰੱਖਿਆ ਗਿਆ ਸੀ ਅਤੇ ਆਸ-ਪਾਸ ਦੇ ਥਾਣਿਆਂ ਦੀ ਫੋਰਸ ਵੀ ਉੱਥੇ ਭੇਜ ਦਿੱਤੀ ਗਈ ਸੀ। ਉਥੇ ਤਲਾਸ਼ੀ ਮੁਹਿੰਮ ਵੀ ਚਲਾਈ ਗਈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅੰਮ੍ਰਿਤਸਰ ਦੇ ਸ਼ਾਪਿੰਗ ਮਾਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਜਾ ਚੁੱਕੀ ਹੈ। ਦੂਜੇ ਪਾਸੇ ਪੁਲੀਸ ਨੇ ਇਸ ਮਾਮਲੇ ਦੀ ਜਾਂਚ ਤੇ ਪੁਲੀਸ ਨਫਰੀ ਵਧਾਉਣ ਲਈ ਹੁਕਮ ਜਾਰੀ ਕਰ ਦਿੱਤੇ ਹਨ।