ਟ੍ਰਿਬਿਉੂਨ ਨਿਉੂਜ਼ ਸਰਵਿਸ/ਪੱਤਰ ਪ੍ਰੇਰਕ
ਅੰਮ੍ਰਿਤਸਰ/ਮਾਨਸਾ, 8 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਵਿੱਚ ਸ਼ਾਮਲ ਅਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਬੀਬੀ ਜਗੀਰ ਕੌਰ ਤੇ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲ ਤਖਤ ਵਿਖੇ ਆਪਣਾ ਸਪੱਸ਼ਟੀਕਰਨ ਦੇਣ ਤੋਂ ਪਹਿਲਾਂ ਪਾਰਟੀ ਵਿੱਚ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।
ਉਨ੍ਹਾਂ ਵੱਲੋਂ 9 ਸਤੰਬਰ ਨੂੰ ਅਕਾਲ ਤਖਤ ਵਿਖੇ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਸੌਂਪੇ ਜਾਣ ਦੀ ਸੰਭਾਵਨਾ ਹੈ। ਬੀਬੀ ਜਗੀਰ ਕੌਰ ਅਤੇ ਪਰਮਿੰਦਰ ਸਿੰਘ ਢੀਂਡਸਾ ਦੋਵੇਂ ਉਨ੍ਹਾਂ ਸਾਬਕਾ ਅਕਾਲੀ ਮੰਤਰੀਆਂ ਦੀ ਸੂਚੀ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਅਕਾਲ ਤਖਤ ਵੱਲੋਂ 15 ਦਿਨਾਂ ਵਿੱਚ ਆਪਣਾ ਸਪਸ਼ਟੀਕਰਨ ਦੇਣ ਦਾ ਹੁਕਮ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਬੀਬੀ ਜਗੀਰ ਕੌਰ ਅਤੇ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਆਪੋ ਆਪਣੇ ਅਹੁਦਿਆਂ ਤੋਂ ਅਸਤੀਫਾ ਦੇਣ ਸਬੰਧੀ ਪੱਤਰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਭੇਜੇ ਗਏ ਹਨ।
ਇਨ੍ਹਾਂ ਆਗੂਆਂ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਆਪਣੀ ਪਾਰਟੀ ਦੇ ਸਾਰੇ ਰੁਤਬੇ ਛੱਡ ਕੇ ਸ੍ਰੀ ਅਕਾਲ ਤਖਤ ਵਿਖੇ ਪੇਸ਼ ਹੋਣ। ਬੀਬੀ ਜਗੀਰ ਕੌਰ ਇਸ ਵੇਲੇ ਪਾਰਟੀ ਦੇ ਸਲਾਹਕਾਰ ਅਤੇ ਕਾਰਜਕਾਰੀ ਮੈਂਬਰ ਹਨ ਜਦਕਿ ਪਰਮਿੰਦਰ ਸਿੰਘ ਢੀਂਡਸਾ ਪ੍ਰੀਜ਼ੀਡੀਅਮ ਮੈਂਬਰ ਹਨ। ਉਨ੍ਹਾਂ ਕਿਹਾ ਕਿ ਉਹ ਅਕਾਲ ਤਖਤ ਵਿਖੇ ਇੱਕ ਸਧਾਰਨ ਸਿੱਖ ਵਜੋਂ ਪੇਸ਼ ਹੋਣਗੇ।