ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਸਤੰਬਰ
ਹਰਿਆਣਾ ਵਿੱਚ ਕਾਂਗਰਸ ਨਾਲ ਗੱਠਜੋੜ ਦੀਆਂ ਚੱਲ ਰਹੀਆਂ ਕੋਸ਼ਿਸ਼ਾਂ ਦੇ ਵਿਚਕਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨਾਲ ਗਠਜੋੜ ਦੇ ਪ੍ਰਭਾਵ ਦਾ ਮੁਲਾਂਕਣ ਕਰਨ ਦਾ ਮੁੱਦਾ ਉਠਾਇਆ ਹੈ। ਪਾਰਟੀ ਦੇ ਸੀਨੀਅਰ ਨੇਤਾ ਅਤੇ ਮਾਲਵੀਆ ਨਗਰ ਦੇ ਵਿਧਾਇਕ ਸੋਮਨਾਥ ਭਾਰਤੀ ਨੇ ਪਾਰਟੀ ਨੂੰ ਇਸ ਮਾਮਲੇ ’ਤੇ ਇਕ ਵਾਰ ਵਿਚਾਰ ਕਰਨ ਦੀ ਅਪੀਲ ਕੀਤੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਸਾਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਜਿਸ ਕਾਲਪਨਿਕ ਸ਼ਰਾਬ ਘੁਟਾਲੇ ਕਰਕੇ ਭਾਜਪਾ ਨੂੰ ਸਾਡੇ ਆਗੂਆਂ ਨੂੰ ਮਹੀਨਿਆਂ ਅਤੇ ਸਾਲਾਂ ਤੱਕ ਗ੍ਰਿਫ਼ਤਾਰ ਕਰਵਾਉਣ ਦਾ ਮੌਕਾ ਦਿੱਤਾ ਸੀ, ਉਸ ਨੂੰ ਮਾਕਨ ਨੇ ਰਚਿਆ ਸੀ ਅਤੇ ਭਾਜਪਾ ਨੇ ਸਖ਼ਤੀ ਨਾਲ ਕਾਰਵਾਈ ਨੂੰ ਅੰਜ਼ਾਮ ਦਿੱਤਾ ਸੀ। ਜਦੋਂ ‘ਆਪ’ ਨੂੰ ਹਰਾਉਣ ਦੀ ਗੱਲ ਆਉਂਦੀ ਹੈ ਤਾਂ ਭਾਜਪਾ ਅਤੇ ਕਾਂਗਰਸ ਦੋਵੇਂ ਮਿਲ ਕੇ ਖੁੱਲ੍ਹੇਆਮ ਜਾਂ ਲੁਕਵੇਂ ਰੂਪ ਵਿੱਚ ਕੰਮ ਕਰਦੇ ਹਨ। ਭਾਰਤੀ ਨੇ ਐਕਸ ’ਤੇ ਇਕ ਲੰਬੀ ਪੋਸਟ ਵਿੱਚ ਕਿਹਾ ਹੈ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਕਾਂਗਰਸ ਦੇ ਤਿੰਨੋਂ ਉਮੀਦਵਾਰਾਂ ਲਈ ਰੋਡ ਸ਼ੋਅ ਕੀਤਾ। ‘ਆਪ’ ਦੇ ਸੀਨੀਅਰ ਆਗੂਆਂ ਅਤੇ ਕੈਬਨਿਟ ਮੰਤਰੀਆਂ ਨੇ ਤਿੰਨੋਂ ਕਾਂਗਰਸੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ ਪਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਖਾਸ ਕਰਕੇ ਉਨ੍ਹਾਂ (ਸੋਮਨਾਥ ਭਾਰਤੀ) ਨੂੰ ਦਿੱਲੀ ਕਾਂਗਰਸ ਅਤੇ ਸਥਾਨਕ ਆਗੂਆਂ ਵੱਲੋਂ ਕੋਈ ਸਮਰਥਨ ਨਹੀਂ ਮਿਲਿਆ।
ਉਨ੍ਹਾਂ ਕਿਹਾ ਕਿ ਦਿੱਲੀ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਨੇਤਾ ਅਜੇ ਮਾਕਨ ਨੇ ਮਿਲਣ ਤੋਂ ਵੀ ਇਨਕਾਰ ਕਰ ਦਿੱਤਾ। ਮਾਲਵੀਆ ਨਗਰ ਵਿੱਚ ਜਤਿੰਦਰ ਕੋਚਰ ਵਰਗੇ ਸਥਾਨਕ ਨੇਤਾਵਾਂ ਨੇ ਇਸ ਗੱਠਜੋੜ ਦੇ ਖ਼ਿਲਾਫ਼ ਕੰਮ ਕੀਤਾ ਅਤੇ ਕਥਿਤ ਤੌਰ ’ਤੇ ਪੈਸੇ ਲਈ ਭਾਜਪਾ ਦੇ ਸੰਸਦ ਮੈਂਬਰ ਲਈ ਵੋਟਾਂ ਮੰਗੀਆਂ।
ਉਨ੍ਹਾਂ ਕਿਹਾ ਕਿ ਇੰਨਾ ਹੀ ਨਹੀਂ ਕਾਂਗਰਸੀ ਨੇਤਾਵਾਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਜਾਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਾਂਗਰਸ ਦੇ ਵੋਟਰਾਂ ਨੂੰ ਆਪਣੇ ਹੱਕ ਵਿੱਚ ਭੁਗਤਾਉਣ ਲਈ ਸਾਡੇ ਸੰਸਦੀ ਹਲਕਿਆਂ ਵਿੱਚ ਪ੍ਰੋਗਰਾਮ ਨਹੀਂ ਕਰਵਾਏ। ਉਨ੍ਹਾਂ ਕਿਹਾ ਕਿ ‘ਆਪ’ ਸਮਰਥਕ ਅਜਿਹੇ ਬੇਮੇਲ ਅਤੇ ਸੁਆਰਥੀ ਗੱਠਜੋੜ ਦੇ ਹੱਕ ਵਿੱਚ ਨਹੀਂ ਹਨ ਅਤੇ ਉਨ੍ਹਾਂ ਨੇ ਸੁਝਾਅ ਦਿੱਤਾ ਕਿ ਪਾਰਟੀ ਨੂੰ ਹਰਿਆਣਾ, ਪੰਜਾਬ ਅਤੇ ਦਿੱਲੀ ਦੀਆਂ ਸਾਰੀਆਂ ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜਨੀ ਚਾਹੀਦੀ ਹੈ।