ਗੁਰਿੰਦਰ ਸਿੰਘ
ਲੁਧਿਆਣਾ, 8 ਸਤੰਬਰ
ਇੱਥੇ ਸ਼ੇਰਪੁਰ ਚੌਕ ਵਿੱਚ ਇੱਕ ਕਾਰ ਦੀ ਬੱਸ ਨਾਲ ਟੱਕਰ ਹੋਣ ਕਾਰਨ ਕਾਰ ਡਰਾਈਵਰ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼ ਦੀ ਬੱਸ ਪਟਿਆਲਾ ਤੋਂ ਲੁਧਿਆਣਾ ਜਾ ਰਹੀ ਸੀ ਕਿ ਸਵਾਰੀਆਂ ਉਤਾਰ ਕੇ ਬੱਸ ਜਦੋਂ ਰਵਾਨਾ ਹੋਣ ਲੱਗੀ ਤਾਂ ਇੱਕ ਤੇਜ਼ ਰਫ਼ਤਾਰ ਡਸਟਰ ਕਾਰ ਬੱਸ ਵਿੱਚ ਆ ਵੱਜੀ ਜਿਸ ਦੌਰਾਨ ਕਾਰ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ ਜਿਸਨੂੰ ਲੋਕਾਂ ਨੇ ਨਿੱਜੀ ਹਸਪਤਾਲ ਵਿੱਚ ਪਹੁੰਚਾਇਆ। ਇਸ ਦੌਰਾਨ ਕਾਰ ਵੀ ਨੁਕਸਾਨੀ ਗਈ। ਬੱਸ ਦੇ ਡਰਾਈਵਰ ਪਰਮਜੀਤ ਸਿੰਘ ਨੇ ਦੱਸਿਆ ਕਿ ਕਾਰ ਤੇਜ਼ ਰਫ਼ਤਾਰ ਹੋਣ ਕਾਰਨ ਆਪਣਾ ਸੰਤੁਲਨ ਗੁਆ ਬੈਠੀ ਅਤੇ ਬੱਸ ਵਿੱਚ ਟਕਰਾ ਗਈ।
ਉਨ੍ਹਾਂ ਦੱਸਿਆ ਕਿ ਟੱਕਰ ਦੌਰਾਨ ਬੱਸ ਦਾ ਵੀ ਨੁਕਸਾਨ ਹੋਇਆ ਹੈ ਪਰ ਸਵਾਰੀਆਂ ਵਾਲ -ਵਾਲ ਬਚ ਗਈਆਂ ਹਨ। ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਕਾਰ ਕਬਜ਼ੇ ਵਿੱਚ ਲੈ ਲਈ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਈਵਰ ਪਰਮਜੀਤ ਸਿੰਘ ਦੇ ਬਿਆਨ ਦਰਜ ਕੀਤੇ। ਪੁਲੀਸ ਅਧਿਕਾਰੀ ਨੇ ਦੱਸਿਆ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।