ਗੁਰਦੇਵ ਸਿੰਘ ਗਹੂੰਣ
ਬਲਾਚੌਰ, 8 ਸਤੰਬਰ
ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਅਤੇ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਸਬ ਡਿਵੀਜ਼ਨਲ ਹਸਪਤਾਲ ਬਲਾਚੌਰ ਵਿੱਚ ਵੱਡੇ ਪੱਧਰ ’ਤੇ ਵਿੱਢੀ ਗਈ ਸਫਾਈ ਮੁਹਿੰਮ ਦਾ ਡਾ. ਹਰਪ੍ਰੀਤ ਸਿੰਘ ਨੇ ਨਿਰੀਖਣ ਕੀਤਾ। ਉਨ੍ਹਾਂ ਮੈਡੀਕਲ ਰਿਕਾਰਡ ਤੇ ਮੈਡੀਕਲ ਸਾਜ਼ੋ-ਸਾਮਾਨ ਦੇ ਰੱਖ-ਰਖਾਅ ਨੂੰ ਵੀ ਦੇਖਿਆ। ਇਸ ਮੌਕੇ ਉਨ੍ਹਾਂ ਹਸਪਤਾਲ ਦੇ ਅਧਿਕਾਰੀਆਂ ਨੂੰ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਨਿਰਦੇਸ਼ ਦਿੱਤੇ, ਤਾਂ ਜੋ ਮਰੀਜ਼ਾਂ ਨੂੰ ਹੋਰ ਵੀ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਹ ਹਸਪਤਾਲਾਂ ਦੀ ਜ਼ਿੰਮੇਵਾਰੀ ਹੈ ਕਿ ਜਨਤਕ ਸਿਹਤ ਸੁਰੱਖਿਆ ਲਈ ਲਾਗਾਂ ਨੂੰ ਫੈਲਣ ਤੋਂ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਨ ਬਣਾਈ ਰੱਖਣ ਲਈ ਨਿਯਮਤ ਸਾਫ-ਸਫਾਈ ਅਤਿ ਜ਼ਰੂਰੀ ਹੈ। ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ, ਫਾਰਮੇਸੀ ਅਫ਼ਸਰ ਹਰਮੀਤ ਕੌਰ ਅਤੇ ਦੀਪਕ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।