ਨਵੀਂ ਦਿੱਲੀ, 9 ਸਤੰਬਰ
ਸੁਪਰੀਮ ਕੋਰਟ ਨੇ ਇਜ਼ਰਾਈਲ ਨੂੰ ਹਥਿਆਰਾਂ ਅਤੇ ਫੌਜੀ ਸਾਜ਼ੋ-ਸਾਮਾਨ ਦੀ ਬਰਾਮਦ ਰੋਕਣ ਸਬੰਧੀ ਕੇਂਦਰ ਨੂੰ ਨਿਰਦੇਸ਼ ਦੇਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਬੈਂਚ ਨੇ ਕਿਹਾ ਕਿ ਅਦਾਲਤ ਦੇਸ਼ ਦੀ ਵਿਦੇਸ਼ ਨੀਤੀ ’ਚ ਦਖ਼ਲ ਨਹੀਂ ਦੇ ਸਕਦੀ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ’ਤੇ ਆਧਾਰਿਤ ਬੈਂਚ ਨੇ ਕਿਹਾ ਕਿ ਇਜ਼ਰਾਈਲ ਨੂੰ ਹਥਿਆਰ ਅਤੇ ਸਾਜ਼ੋ-ਸਾਮਾਨ ਦੇਣ ਵਾਲੀਆਂ ਭਾਰਤੀ ਕੰਪਨੀਆਂ ’ਤੇ ਠੇਕੇ ਦੀਆਂ ਸ਼ਰਤਾਂ ਦੀ ਉਲੰਘਣਾ ਦਾ ਕੇਸ ਚੱਲ ਸਕਦਾ ਹੈ ਪਰ ਉਨ੍ਹਾਂ ਨੂੰ ਸਪਲਾਈ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ ਹੈ। ਚੀਫ਼ ਜਸਟਿਸ ਨੇ ਕਿਹਾ, ‘ਕੀ ਅਸੀਂ ਯੂਐੱਨ ਨਸਲਕੁਸ਼ੀ ਕਨਵੈਨਸ਼ਨ ਤਹਿਤ ਇਜ਼ਰਾਈਲ ਨੂੰ ਬਰਾਮਦ ’ਤੇ ਪਾਬੰਦੀ ਲਈ ਨਿਰਦੇਸ਼ ਦੇ ਸਕਦੇ ਹਾਂ।’ ਜਨਹਿੱਤ ਪਟੀਸ਼ਨ ਪ੍ਰਸ਼ਾਂਤ ਭੂਸ਼ਨ ਰਾਹੀਂ ਦਾਖ਼ਲ ਕੀਤੀ ਗਈ ਸੀ। -ਪੀਟੀਆਈ