ਕੁਲਦੀਪ ਸਿੰਘ
ਚੰਡੀਗੜ੍ਹ, 9 ਸਤੰਬਰ
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੀ ਸੈਕਟਰ 39 ਦੀ ਦਾਣਾ ਮੰਡੀ ਵਿੱਚ ਹੋਈ ਰੈਲੀ ਅਤੇ ਮਟਕਾ ਚੌਕ ਵਿੱਚ ਲਾਏ ਧਰਨੇ ਉਪਰੰਤ 10 ਸਤੰਬਰ ਨੂੰ ਮਿਲੀ ਮੀਟਿੰਗ ਇੱਕ ਵਾਰ ਫੇਰ ਮੁਲਤਵੀ ਹੋ ਗਈ ਹੈ।
ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਦੇ ਕਨਵੀਨਰ ਜਸਵੀਰ ਸਿੰਘ ਤਲਵਾੜਾ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਠਵੀਂ ਵਾਰ ਮੁੱਖ ਮੰਤਰੀ ਨੇ ਰਿਹਾਇਸ਼ ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਲਈ ਭੇਜੇ ਟੈਲੀਫੋਨਿਕ ਸੰਦੇਸ਼ ਰਾਹੀਂ ਹੁਣ ਇਹ ਮੀਟਿੰਗ ਮੁਲਤਵੀ ਕਰ ਕੇ 12 ਸਤੰਬਰ ਨੂੰ ਤੈਅ ਕਰ ਦਿੱਤੀ ਹੈ ਪਰ ਇਹ ਨਹੀਂ ਦੱਸਿਆ ਗਿਆ ਕਿ ਮੀਟਿੰਗ ਮੁੱਖ ਮੰਤਰੀ ਨਾਲ ਹੀ ਹੋਵੇਗੀ ਜਾਂ ਫਿਰ ਕੈਬਨਿਟ ਸਬ-ਕਮੇਟੀ ਨਾਲ।
ਸਾਂਝੇ ਫਰੰਟ ਦੇ ਕਨਵੀਨਰ ਜਸਵੀਰ ਤਲਵਾੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁਲਾਜ਼ਮ ਅਤੇ ਪੈਨਸ਼ਨਰਜ਼ ਮੰਗਾਂ ਪ੍ਰਤੀ ਗੰਭੀਰ ਹੀ ਨਹੀਂ ਹਨ। ਇਸੇ ਕਰਕੇ ਉਹ ਵਾਰ-ਵਾਰ ਮੀਟਿੰਗਾਂ ਮੁਲਤਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਾਂਝੇ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਨੂੰ ਮੁੱਖ ਮੰਤਰੀ ਤੋਂ ਘੱਟ ਕਿਸੇ ਵੀ ਅਧਿਕਾਰੀ ਜਾਂ ਮੰਤਰੀ ਨਾਲ ਮੀਟਿੰਗ ਮਨਜ਼ੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਨੇ ਚੰਡੀਗੜ੍ਹ ਪੁਲੀਸ ਰਾਹੀਂ 18 ਕਨਵੀਨਰਾਂ ’ਤੇ ਪੁਲੀਸ ਕੇਸ ਦਰਜ ਕਰ ਕੇ ਸੰਘਰਸ਼ ਨੂੰ ਦਬਾਉਣ ਦੀ ਰਣਨੀਤੀ ਘੜੀ ਹੈ ਪਰ ਉਨ੍ਹਾਂ ਦਾ ਸੰਘਰਸ਼ ਪੁਰਾਣੀ ਪੈਨਸ਼ਨ ਬਹਾਲੀ ਅਤੇ ਹੋਰ ਮੰਗਾਂ ਨੂੰ ਲੈ ਕੇ ਨਿਰੰਤਰ ਜਾਰੀ ਰਹੇਗਾ ਅਤੇ ਮੰਗਾਂ ਪੂਰੀਆਂ ਨਾ ਹੋਣ ’ਤੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।