ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਸਤੰਬਰ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਸੂਬਾ ਸਰਕਾਰ ਵੱਲੋਂ ਤੇਲ ਕੀਮਤਾਂ ਤੇ ਬੱਸ ਕਿਰਾਇਆ ਵਧਾਉਣ ਅਤੇ ਬਿਜਲੀ ਸਬਸਿਡੀ ਵਾਪਸ ਲੈ ਕੇ ’ਤੇ ਲੋਕਾਂ ’ਤੇ ਵਾਧੂ ਬੋਝ ਪਾਉਣ ਦੇ ਫੈਸਲੇ ਦਾ ਅੱਜ ਤੋਂ ਵਿਰੋਧ ਸ਼ੁਰੂ ਕਰ ਦਿੱਤਾ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੇ ਜਲੰਧਰ, ਸੰਗਰੂਰ, ਮੁਹਾਲੀ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰਾਂ ਨੂੰ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਸੌਂਪੇ। ਅੱਜ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਅੱਜ ਡੀਸੀ ਜਲੰਧਰ, ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਹਰਿੰਦਰਪਾਲ ਸਿੰਘ ਟੌਹੜਾ ਦੀ ਅਗਵਾਈ ਹੇਠ ਡੀਸੀ ਪਟਿਆਲਾ, ਸਾਬਕਾ ਵਿਧਾਇਕ ਪ੍ਰਕਾਸ਼ ਚੰਦ ਗਰਗ ਦੀ ਅਗਵਾਈ ਹੇਠ ਡੀਸੀ ਸੰਗਰੂਰ ਅਤੇ ਬੀਬੀ ਪਰਮਜੀਤ ਕੌਰ ਲਾਂਡਰਾਂ ਦੀ ਅਗਵਾਈ ਹੇਠ ਡੀਸੀ ਮੁਹਾਲੀ ਨੂੰ ਮੰਗ ਪੱਤਰ ਸੌਂਪੇ ਗਏ।