ਦਲਬੀਰ ਸੱਖੋਵਾਲੀਆ
ਬਟਾਲਾ, 9 ਸਤੰਬਰ
ਗੁਰੂ ਨਾਨਕ ਦੇਵ ਜੀ ਦੇ ਬਰਾਤ ਰੂਪੀ ਨਗਰ ਕੀਰਤਨ ਦਾ ਅੱਜ ਬਟਾਲਾ ਪਹੁੰਚਣ ’ਤੇ ਜੈਕਾਰਿਆਂ ਨਾਲ ਸਵਾਗਤ ਕੀਤਾ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਵੇਰੇ ਆਰੰਭ ਹੋਇਆ ਸੀ। ਗੁਰੂੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੇ ਦਰਸ਼ਨ ਕਰਨ ਲਈ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਤੋਂ ਵੱਡੀ ਗਿਣਤੀ ਸੰਗਤ ਹੁੰਮ-ਹੁਮਾ ਕੇ ਪੁੱਜੀ। ਨਗਰ ਕੀਰਤਨ ਦੇ ਦਰਸ਼ਨ ਲਈ ਸੰਗਤ ਘੰਟਿਆਂਬੱਧੀ ਸੜਕ ਦੇ ਦੋਵੇਂ ਪਾਸਿਆਂ ’ਤੇ ਖੜ੍ਹ ਕੇ ਇਤਜ਼ਾਰ ਕਰਦੀ ਰਹੀ। ਇਸ ਤੋਂ ਇਲਾਵਾ ਵੱਖ ਵੱਖ ਧਾਰਮਿਕ, ਸਮਾਜਿਕ ਤੇ ਸਿਆਸੀ ਆਗੂਆਂ ਅਤੇ ਨਿਹੰਗ ਜਥੇਬੰਦੀਆਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ।
ਜਾਣਕਾਰੀ ਅਨੁਸਾਰ ਇਹ ਨਗਰ ਕੀਰਤਨ ਦੇਰ ਸ਼ਾਮ ਬਟਾਲਾ ’ਚ ਦਾਖ਼ਲ ਹੋਇਆ। ਨਗਰ ਕੀਰਤਨ ਦੇ ਅੱਗੇ ਵੱਖ-ਵੱਖ ਗਤਕਾ ਪਾਰਟੀਆਂ ਅਤੇ ਬੈਂਡ ਪਾਰਟੀਆਂ ਇਸ ਦੀ ਸ਼ੋਭਾ ਵਧਾ ਰਹੀਆਂ ਸਨ। ਭਲਕੇ 10 ਸਤੰਬਰ ਨੂੰ ਗੁਰਦੁਆਰਾ ਡੇਹਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸਨਅਤੀ ਨਗਰ ਬਟਾਲਾ ਦੇ ਵੱਖ ਵੱਖ ਥਾਵਾਂ ਦੀ ਪਰਿਕਰਮਾ ਕਰੇਗਾ। ਪਹਿਲੀ ਪਾਤਸ਼ਾਹੀ ਦੇ ਵਿਆਹ ਪੁਰਬ ਦਿਹਾੜੇ ਮੌਕੇ ਸਥਾਨਕ ਇਤਿਹਾਸਕ ਗੁਰਦੁਆਰਾ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਅਤੇ ਗੁਰਦੁਆਰਾ ਸਤਕਰਤਾਰੀਆ ’ਚ ਵੱਡੀ ਗਿਣਤੀ ਸੰਗਤ ਸਵੇਰ ਤੋਂ ਹੀ ਨਤਮਸਤਕ ਹੁੰਦੀ ਰਹੀ। ਇਨ੍ਹਾਂ ਗੁਰਦੁਆਰਿਆਂ ’ਚ 8 ਸਤੰਬਰ ਤੋਂ ਅਖੰਡ ਪਾਠ ਰਖਾਏ ਗਏ, ਜਿਨ੍ਹਾਂ ਦਾ ਭੋਗ ਮੰਗਲਵਾਰ ਨੂੰ ਪਵੇਗਾ। ਇਸੇ ਤਰ੍ਹਾਂ 10 ਸਤੰਬਰ ਨੂੰ ਵਿਆਹ ਪੁਰਬ ਵਾਲੇ ਦਿਨ ਅਖੰਡ ਪਾਠ ਦੇ ਭੋਗ ਉਪਰੰਤ ਮਾਤਾ ਸੁਲੱਖਣੀ ਜੀ ਦੇ ਪੇਕਾ ਘਰ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਧਾਰਮਿਕ ਆਗੂ ਸ਼ਿਰਕਤ ਕਰਨਗੇ। ਗੁਰਦੁਆਰਾ ਡੇਹਰਾ ਸਾਹਿਬ ਅਤੇ ਗੁਰਦੁਆਰਾ ਸਤਿਕਰਤਾਰੀਆ ਦੀ ਕਮੇਟੀ ਦੇ ਮੈਨੇਜਰ ਮਨਜੀਤ ਸਿੰਘ ਜ਼ਫ਼ਰਵਾਲ ਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਦੀ ਕਮੇਟੀ ਦੇ ਮੈਨੇਜਰ ਸੁਖਜਿੰਦਰ ਸਿੰਘ ਭਾਮ ਨੇ ਦੱਸਿਆ ਕਿ ਸੰਗਤ ਲਈ ਅਗਾਊਂ ਪ੍ਰਬੰਧ ਕੀਤੇ ਗਏ ਹਨ। ਨਗਰ ਕੀਰਤਨ ਦੇ ਸਵਾਗਤ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ, ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ, ਸਾਬਕਾ ਕੈਬਨਿਟ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ, ਪੰਜਾਬ ਐਗਰੋ ਦੇ ਸਾਬਕਾ ਚੇਅਰਮੈਨ ਤਰਲੋਕ ਸਿੰਘ ਬਾਠ, ਡੀਸੀ ਸ਼ੰਕਰ ਗੁਪਤਾ, ਬਟਾਲਾ ਦੇ ਐੱਸਐੱਸਪੀ ਸੁਹੇਲ ਕਾਸਿਮ ਮੀਰ, ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਇਚਾਰਜ ਰਾਜਨਬੀਰ ਸਿੰਘ ਘੁਮਾਣ, ਹਰਿਮੰਦਰ ਸਾਹਿਬ ਦੇ ਮੀਤ ਮੈਨੇਜਰ ਗੁਰਤਿੰਦਰ ਪਾਲ ਸਿੰਘ ਭਾਟੀਆ ਤੇ ਹੋਰ ਹਾਜ਼ਰ ਸਨ।
ਗੁਰਦਾਸਪੁਰ ਦੇ ਸਾਰੇ ਸਕੂਲਾਂ ਤੇ ਸਰਕਾਰੀ ਦਫ਼ਤਰਾਂ ’ਚ ਅੱਜ ਛੁੱਟੀ
ਬਟਾਲਾ (ਨਿੱਜੀ ਪੱਤਰ ਪ੍ਰੇਰਕ):
ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ 10 ਸਤੰਬਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਕੂਲ, ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਇਸੇ ਤਰ੍ਹਾਂ ਉਪ ਮੰਡਲ ਬਟਾਲਾ ਦੀ ਹਦੂਦ ਅੰਦਰ ਠੇਕੇ/ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ।