ਪੱਤਰ ਪ੍ਰੇਰਕ
ਮੁਕੇਰੀਆਂ, 9 ਸਤੰਬਰ
ਡੀਜ਼ਲ ਪੈਟਰੋਲ ਦੀਆਂ ਕੀਮਤਾਂ ਦੇ ਵਾਧੇ ਦੇ ਵਿਰੋਧ ’ਚ ਕਿਸਾਨ-ਮਜ਼ਦੂਰ ਯੂਨੀਅਨ ਗੜ੍ਹਦੀਵਾਲਾ ਵੱਲੋਂ ਪ੍ਰਧਾਨ ਗੁਰਦੀਪ ਸਿੰਘ ਦੀਪ ਬਰਿਆਣਾ ਦੀ ਅਗਵਾਈ ਹੇਠ ਗੜ੍ਹਦੀਵਾਲਾ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਗੁਰਦੀਪ ਸਿੰਘ ਦੀਪ ਬਰਿਆਣਾ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਦੀ ਕਿਸਾਨ ਤੇ ਲੋਕ ਹਿਤੈਸ਼ੀ ਕਹਾਉਣ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਚੱਲਦਿਆਂ ਪੈਟਰੋਲ ਡੀਜ਼ਲ ਅਤੇ ਬਿਜਲੀ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰਕੇ 3 ਹਜ਼ਾਰ ਕਰੋੜ ਰੁਪਏ ਦਾ ਟੈਕਸ ਲੋਕਾਂ ’ਤੇ ਥੋਪ ਦਿੱਤਾ ਹੈ। ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕੇਂਦਰ ਦੀ ਭਾਜਪਾ ਸਰਕਾਰ ਨਾਲੋਂ ਲੋਕਾਂ ਦਾ ਆਰਥਿਕ ਸ਼ੋਸ਼ਣ ਕਰਨ ਦੇ ਮਾਮਲੇ ਵਿੱਚ ਕਿਸੇ ਪੱਖੋਂ ਵੀ ਪਿੱਛੇ ਨਹੀਂ ਹੈ।
ਉਨ੍ਹਾਂ ਮੰਗ ਕੀਤੀ ਕਿ ਜੇਕਰ ਪੰਜਾਬ ਸਰਕਾਰ ਨੇ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ ਤਰੁੰਤ ਵਾਪਿਸ ਨਾ ਲਿਆ ਤਾਂ ਕਿਸਾਨ ਮਜਦੂਰ ਯੂਨੀਅਨ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ।