ਪੱਤਰ ਪ੍ਰੇਰਕ
ਧਾਰੀਵਾਲ, 9 ਸਤੰਬਰ
ਸੰਯੁਕਤ ਕਿਸਾਨ ਮੋਰਚੇ ਅਤੇ ਹੋਰ ਜਥੇਬੰਦੀਆਂ ਵੱਲੋਂ ਸਰਕਾਰੀ ਹਸਪਤਾਲ ਕਲਾਨੌਰ ਵਿੱਚ ਡਾਕਟਰਾਂ ਅਤੇ ਹੋਰ ਅਮਲੇ ਦੀਆਂ ਖਾਲੀ ਅਸਾਮੀਆਂ ਦੀ ਪੂਰਤੀ ਲਈ ਲਾਇਆ ਧਰਨਾ ਅੱਜ 13ਵੇਂ ਦਿਨ ਵੀ ਜਾਰੀ ਰਿਹਾ। ਅੱਜ ਦੇ ਧਰਨੇ ਦੀ ਅਗਵਾਈ ਪੰਜਾਬ ਕਿਸਾਨ ਯੂਨੀਅਨ ਦੇ ਕਿਸਾਨ ਆਗੂ ਸੁਖਦੇਵ ਸਿੰਘ ਦਬੁਰਜੀ ਅਤੇ ਅਮਰਜੀਤ ਸਿੰਘ ਕਲਾਨੌਰ ਨੇ ਸਾਂਝੇ ਤੌਰ ’ਤੇ ਕੀਤੀ। ਧਰਨੇ ਦੌਰਾਨ ਯੂਨੀਅਨ ਦੇ ਆਗੂ ਅਸ਼ਵਨੀ ਕੁਮਾਰ ਲੱਖਣ ਕਲਾਂ, ਓਮਪ੍ਰਕਾਸ਼ ਸਾਬਕਾ ਸਰਪੰਚ ਕਲਾਨੌਰ, ਜਰਨੈਲ ਸਿੰਘ ਸਪਰਾਵਾਂ, ਮਾਸਟਰ ਸਰਦੂਲ ਸਿੰਘ, ਗੁਰਦੀਪ ਸਿੰਘ ਕਾਮਲਪੁਰ, ਸਿੰਦਰਪਾਲ ਬਿਸ਼ਨਕੋਟ, ਸੁਰਜੀਤ ਸਿੰਘ ਵਡਾਲਾ ਬਾਂਗਰ, ਬਸੀਰ ਗਿੱਲ ਮਸਤਕੋਟ ਨੇ ਸੰਬੋਧਨ ਕੀਤਾ। ਬੁਲਾਰਿਆਂ ਕਿਹਾ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਅਤੇ ਹੋਰ ਅਮਲੇ ਦੀ ਘਾਟ ਕਾਰਨ ਇਲਾਕੇ ਦੇ ਮਰੀਜ਼ਾਂ ਨੂੰ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਇਸ ਤੋਂ ਇਲਾਵਾ ਤਹਿਸੀਲ, ਸੀਨੀਅਰ ਸੈਕੰਡਰੀ ਸਕੂਲ, ਪਾਵਰਕੌਮ ਦਫਤਰ, ਫੂਡ ਸਪਲਾਈ ਦਫਤਰ, ਸਮਾਜਿਕ ਸੁਰੱਖਿਆ ਦਫਤਰ ਆਦਿ ਸਰਕਾਰੀ ਅਦਾਰਿਆਂ ਵਿੱਚ ਵੀ ਮੁਲਾਜ਼ਮਾਂ ਦੀ ਘਾਟ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਪੈ ਰਿਹਾ ਹੈ। ਆਗੂਆਂ ਮੰਗ ਕੀਤੀ ਹੈ ਸਰਕਾਰੀ ਹਸਪਤਾਲ ਵਿੱਚ ਡਾਕਟਰ ਅਤੇ ਹੋਰ ਅਮਲੇ ਦੀ ਪੂਰਤੀ ਤੁਰੰਤ ਕੀਤੀ ਜਾਵੇ ਅਤੇ ਹੋਰ ਸਰਕਾਰੀ ਅਦਾਰਿਆਂ ਵਿੱਚ ਮੁਲਾਜ਼ਮ ਪੂਰੇ ਕੀਤੇ ਜਾਣ।