ਦਵਿੰਦਰ ਸਿੰਘ
ਯਮੁਨਾਨਗਰ, 9 ਸਤੰਬਰ
ਯਮੁਨਾਨਗਰ ਵਿਧਾਨ ਸਭਾ ਹਲਕੇ ਤੋਂ ਇੰਡੀਅਨ ਨੈਸ਼ਨਲ ਲੋਕ ਦਲ ਦੇ ਸਾਬਕਾ ਵਿਧਾਇਕ ਅਤੇ ਇਨੈਲੋ-ਬਸਪਾ ਗੱਠਜੋੜ ਦੇ ਉਮੀਦਵਾਰ ਦਿਲਬਾਗ ਸਿੰਘ ਨੇ ਅੱਜ ਜ਼ਿਲ੍ਹਾ ਸਕੱਤਰੇਤ ਵਿੱਚ ਜਾ ਕੇ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਰਿਆਣਾ ਤੇ ਯਮੁਨਾਨਗਰ ਵਿੱਚ ਮਹਿੰਗਾਈ, ਭ੍ਰਿਸ਼ਟਾਚਾਰ, ਨਸ਼ੇ, ਬੇਰੁਜ਼ਗਾਰੀ ਮੁੱਖ ਮੁੱਦੇ ਹਨ। ਇਨ੍ਹਾਂ ਨੂੰ ਲੈ ਕੇ ਹੀ ਲਗਾਤਾਰ 10 ਸਾਲਾਂ ਤੋਂ ਭਾਜਪਾ ਦੀ ਸਰਕਾਰ ਨੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਰਾਜ ਕੀਤਾ ਹੈ। ਇਸ ਤੋਂ ਪਹਿਲਾਂ ਕਾਂਗਰਸ ਨੇ 10 ਸਾਲ ਰਾਜ ਕੀਤਾ, ਲੋਕ ਅਜੇ ਵੀ ਕਾਂਗਰਸ ਦੇ ਰਾਜ ਨੂੰ ਨਹੀਂ ਭੁੱਲੇ। ਦਿਲਬਾਗ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਦਾ ਪੂਰਾ ਸਮਰਥਨ ਮਿਲ ਰਿਹਾ ਹੈ ਅਤੇ ਲੋਕ ਉਨ੍ਹਾਂ ਨੂੰ ਪਿਆਰ ਅਤੇ ਸਤਿਕਾਰ ਦੇ ਰਹੇ ਹਨ ਜਿਸ ਕਰਕੇ ਉਨ੍ਹਾਂ ਨੂੰ ਆਪਣੀ ਜਿੱਤ ’ਤੇ ਭਰੋਸਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਨੈਲੋ-ਬਸਪਾ ਗੱਠਜੋੜ ਦੀ ਸਰਕਾਰ ਬਣੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਇਨੈਲੋ ਦੇ ਕੌਮੀ ਬੁਲਾਰੇ ਅਸ਼ਵਨੀ ਦੱਤਾ ਨੇ ਦਾਅਵਾ ਕੀਤਾ ਕਿ ਵਿੱਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲ ਰਿਹਾ, ਇੰਡੀਅਨ ਨੈਸ਼ਨਲ ਲੋਕ ਦਲ ਗੱਠਜੋੜ ਸਭ ਤੋਂ ਵੱਡਾ ਹੈ ਅਤੇ ਗੱਠਜੋੜ ਮੁੜ ਸੱਤਾ ਪ੍ਰਾਪਤ ਕਰਕੇ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਚੌਧਰੀ ਦੇਵੀ ਲਾਲ ਤੇ ਚੌਧਰੀ ਓਮ ਪ੍ਰਕਾਸ਼ ਚੌਟਾਲਾ ਦੇ ਕਾਰਜਕਾਲ ਦੌਰਾਨ ਦਿੱਤੀਆਂ ਸਹੂਲਤਾਂ ਨੂੰ ਮੁੜ ਚਾਲੂ ਕੀਤਾ ਜਾਵੇਗਾ, ਪੈਨਸ਼ਨ ਵਧਾਈ ਜਾਵੇਗੀ, ਮਹਿੰਗਾਈ ਭੱਤੇ ਦੀ ਤਰਜ਼ ’ਤੇ ਹੋਰ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਸਾਂਝੇ ਮੈਨੀਫੈਸਟੋ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ ਜਿਸ ਵਿੱਚ ਸਮਾਜ ਦੇ ਸਾਰੇ ਵਰਗਾਂ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ ।