ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 9 ਸਤੰਬਰ
ਚੰਡੀਗੜ੍ਹ ਪੁਲੀਸ ਵੱਲੋਂ ਪੈਨਸ਼ਨਰਜ਼ ਅਤੇ ਮੁਲਾਜ਼ਮ ਸਾਂਝਾ ਫਰੰਟ ਦੇ 18 ਆਗੂਆਂ ’ਤੇ ਕੀਤੇ ਪਰਚੇ ਰੱਦ ਕਰਵਾਉਣ ਲਈ ਪੈਨਸ਼ਨਰਜ਼ ਐਸੋਸੀਏਸ਼ਨ ਡਿਵੀਜ਼ਨ ਮਾਲੇਰਕੋਟਲਾ ਵੱਲੋਂ ਪ੍ਰਧਾਨ ਜਰਨੈਲ ਸਿੰਘ ਪੰਜਗਰਾਈਆਂ ਦੀ ਅਗਵਾਈ ਹੇਠ ਗੇਟ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਪਿਆਰਾ ਲਾਲ ਪ੍ਰਧਾਨ ਸਰਕਲ ਬਰਨਾਲਾ, ਗੋਬਿੰਦ ਕਾਂਤ ਝਾਅ, ਸਕੱਤਰ ਪਰਮਜੀਤ ਸ਼ਰਮਾ, ਮਿਰਜ਼ਾ ਸਿੰਘ, ਇਕਬਾਲ ਸਿੰਘ ਫਰਵਾਲੀ, ਰਾਮ ਸਿੰਘ ਲਸੋਈ, ਬਲਦੇਵ ਸਿੰਘ, ਹਰਮਿੰਦਰ ਕੁਮਾਰ ਭਾਰਦਵਾਜ, ਵਰਿੰਦਰ ਪੈਕਾ, ਹਰਬੰਸ ਲਾਲ, ਭਜਨ ਸਿੰਘ ਨੇ ਮੁੱਖ ਮੰਤਰੀ ਪੰਜਾਬ ਵੱਲੋਂ ਮੁਲਾਜ਼ਮ ਜਥੇਬੰਦੀਆਂ ਨਾਲ ਵਾਰ-ਵਾਰ ਮੀਟਿੰਗਾਂ ਬੁਲਾ ਕੇ ਰੱਦ ਕਰਨ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਜੇਕਰ ਸਤੰਬਰ ਦੀ ਮੀਟਿੰਗ ਵਿੱਚ ਮੰਗਾਂ ਨਾ ਮੰਨੀਆਂ ਤਾਂ ਸਾਂਝੇ ਫਰੰਟ ਵੱਲੋਂ ਉਲੀਕੇ ਸੰਘਰਸ਼ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਆਗੂਆਂ ਨੇ ਮੰਗਾਂ ਬਾਰੇ ਕਿਹਾ ਕਿ ਡੀਏ ਦੀ 12 ਫੀਸਦ ਕਿਸ਼ਤ ਲਾਗੂ ਕੀਤੀ ਜਾਵੇ, ਡੀਏ ਦੀਆਂ ਕਿਸ਼ਤਾਂ ਦਾ ਬਕਾਇਆ ਦਿੱਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਤੇ ਕੱਚੇ ਕਾਮੇ ਪੱਕੇ ਕੀਤੇ ਜਾਣ। ਬੁਲਾਰਿਆਂ ਨੇ ਮੰਗ ਕੀਤੀ ਕਿ ਬਿਜਲੀ ਕਾਮਿਆਂ ’ਤੇ ਲਗਾਇਆ ਐਸਮਾ ਕਾਨੂੰਨ ਰੱਦ ਕੀਤਾ ਜਾਵੇ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦਰਜ ਕੇਸ ਰੱਦ ਕੀਤੇ ਜਾਣ।
ਪੈਨਸ਼ਨਰਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਸੰਗਰੂਰ (ਖੇਤਰੀ ਪ੍ਰਤੀਨਿਧ): ਦਿ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਦੇ ਕਾਰੁਕਨਾਂ ਨੇ ਅੱਜ ਸਥਾਨਕ ਪੈਨਸ਼ਨ ਭਵਨ ਅੱਗੇ ਆਪਣੀਆਂ ਹੱਕੀ ਮੰਗਾਂ ਲਈ ਨਾਅਰੇਬਾਜ਼ੀ ਕੀਤੀ। ਪ੍ਰਧਾਨ ਰਾਮ ਸਰੂਪ ਢੈਪਈ ਦੀ ਪ੍ਰਧਾਨਗੀ ਹੇਠ ਇਕੱਤਰ ਹੋਏ ਇਨ੍ਹਾਂ ਪੈਨਸ਼ਨਰਾਂ ਦਾ ਦੋਸ਼ ਸੀ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕਰ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ਾਂ ਦੇ ਰਾਹ ਪੈਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਮੌਕੇ ਜੀਤ ਸਿੰਘ ਬੰਗਾ, ਭੁਪਿੰਦਰ ਸਿੰਘ ਛਾਜਲੀ, ਕੇਹਰ ਸਿੰਘ ਜੋਸਨ ਤੇ ਧਰਮ ਸਿੰਘ ਆਦਿ ਹਾਜ਼ਰ ਸਨ।