ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 10 ਸਤੰਬਰ
ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ ਲਾਇਆ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਵੱਲੋਂ ਸਿੱਖੀ ਦੀ ਵੱਖਰੀ ਹੋਂਦ ਹਸਤੀ ਨੂੰ ਸਨਾਤਨ ਨਾਲ ਰਲਗੱਡ ਕਰਨ ਦਾ ਯਤਨ ਕੀਤਾ ਗਿਆ, ਜਿਸ ਦਾ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ’ਤੇ ਪੰਥਕ ਰਵਾਇਤਾਂ ਅਨੁਸਾਰ ਕਰੜੀ ਕਾਰਵਾਈ ਕਰਨ। ਉਨ੍ਹਾਂ ਆਖਿਆ ਕਿ ਉਸ ਨੇ ਬੀਤੇ ਦਿਨੀਂ ਦਿੱਲੀ ਵਿੱਚ ਇੱਕ ਸਮਾਗਮ ਦੌਰਾਨ ਸਿੱਖ ਧਰਮ ਦੇ ਸਿਧਾਂਤਾਂ ਅਤੇ ਪਾਵਨ ਗੁਰਬਾਣੀ ਦੀ ਵਿਚਾਰਧਾਰਾ ਦੇ ਵਿਰੁੱਧ ਜਾ ਕੇ ਮਨਘੜਤ ਬਿਆਨਬਾਜ਼ੀ ਕੀਤੀ ਹੈ, ਜਿਸ ਨਾਲ ਸਿੱਖ ਕੌਮ ਦੇ ਨਿਆਰੇਪਣ ਅਤੇ ਇਸ ਦੀ ਮੌਲਿਕਤਾ ਨੂੰ ਸੱਟ ਵੱਜੀ ਹੈ।