ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਸਤੰਬਰ
ਦਿੱਲੀ ਵਿੱਚ ਰਾਸ਼ਟਰਪਤੀ ਸ਼ਾਸਨ ਬਾਰੇ ਚੱਲ ਰਹੀਆਂ ਅਟਕਲਾਂ ਨੂੰ ਲੈ ਕੇ ‘ਆਪ’ ਦੀ ਸੀਨੀਅਰ ਆਗੂ ਅਤੇ ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਕਿਹਾ ਕਿ ਭਾਜਪਾ ਦਿੱਲੀ ਦੀ ਚੁਣੀ ਹੋਈ ਸਰਕਾਰ ਨੂੰ ਪਿਛਲੇ ਦਰਵਾਜ਼ੇ ਰਾਹੀਂ ਬਰਖ਼ਾਸਤ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਇੱਕੋ ਇੱਕ ਕੰਮ ਚੁਣੀਆਂ ਹੋਈਆਂ ਵਿਰੋਧੀ ਸਰਕਾਰਾਂ ਨੂੰ ਡੇਗਣਾ ਹੈ। ਆਤਿਸ਼ੀ ਨੇ ਕਿਹਾ ਕਿ ਭਾਜਪਾ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਨਹੀਂ ਖਰੀਦ ਸਕੀ, ਇਸ ਲਈ ਹੁਣ ਇਸ ਨੇ ਦਿੱਲੀ ਦੀ ਚੁਣੀ ਹੋਈ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚਣੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਨੇ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚੀ ਤਾਂ ਦਿੱਲੀ ਦੇ ਲੋਕ ਆਉਣ ਵਾਲੀਆਂ ਚੋਣਾਂ ਵਿੱਚ ਭਾਜਪਾ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ। ਜੇ ਦਿੱਲੀ ’ਚ ਰਾਸ਼ਟਰਪਤੀ ਸ਼ਾਸਨ ਲਾਗੂ ਹੁੰਦਾ ਹੈ ਤਾਂ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੂੰ ਸਿਫ਼ਰ ਸੀਟਾਂ ਮਿਲਣਗੀਆਂ। ਉਨ੍ਹਾਂ ਦੋਸ਼ ਲਾਇਆ ਕਿ ਜਿੱਥੇ ਭਾਜਪਾ ਚੋਣਾਂ ਨਹੀਂ ਜਿੱਤਦੀ, ਉੱਥੇ ਉਹ ਵਿਧਾਇਕਾਂ ਨੂੰ ਖ਼ਰੀਦਣ ਅਤੇ ਵੇਚਣ ਦੀ ਕੋਸ਼ਿਸ਼ ਕਰਦੀ ਹੈ ਅਤੇ ਪਿਛਲੇ ਦਰਵਾਜ਼ੇ ਰਾਹੀਂ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰਦੀ ਹੈ। ਭਾਜਪਾ ਨੇ ਇਹ ਕੰਮ ਦਿੱਲੀ ਵਿੱਚ ਵੀ ਕੀਤਾ ਪਰ ਕਾਮਯਾਬ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਭਾਜਪਾ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਨਹੀਂ ਖ਼ਰੀਦ ਸਕੀ। ਆਤਿਸ਼ੀ ਨੇ ਕਿਹਾ, ‘‘ਮੈਂ ਭਾਜਪਾ ਨੂੰ ਦੱਸ ਦੇਵਾਂ ਕਿ ਦਿੱਲੀ ਦੇ ਲੋਕ ਇਹ ਸਾਰੀਆਂ ਸਾਜ਼ਿਸ਼ਾਂ ਦੇਖ ਰਹੇ ਹਨ। ਅਰਵਿੰਦ ਕੇਜਰੀਵਾਲ 24 ਘੰਟੇ ਬਿਜਲੀ ਦਿੰਦੇ ਹਨ, ਮੁਫਤ ਬਿਜਲੀ ਦਿੰਦੇ ਹਨ, ਆਪਣੇ ਬੱਚਿਆਂ ਨੂੰ ਚੰਗੇ ਸਕੂਲ ਦਿੰਦੇ ਹਨ, ਮੁਹੱਲਾ ਕਲੀਨਿਕਾਂ ਵਿੱਚ ਮੁਫਤ ਇਲਾਜ ਕਰਦੇ ਹਨ।’’ ਉਨ੍ਹਾਂ ਕਿਹਾ ਕਿ ਅੱਜ ਦਿੱਲੀ ਵਿਧਾਨ ਸਭਾ ਵਿੱਚ ਭਾਜਪਾ ਦੇ 8 ਵਿਧਾਇਕ ਹਨ ਅਤੇ ਜੇ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਂਦਾ ਹੈ ਤਾਂ ਅਗਲੀ ਵਾਰ ਭਾਜਪਾ ਦਾ ਸਫ਼ਾਇਆ ਹੋ ਜਾਵੇਗਾ।