ਜਗਰਾਉਂ (ਪੱਤਰ ਪ੍ਰੇਰਕ): ਇੱਥੇ ਇੱਕ ਵਕੀਲ ਦੀ ਪਤਨੀ ਨੇ ਘਰੇਲੂ ਕਲੇਸ਼ ਕਾਰਨ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਸੂਚਨਾ ਮਿਲਣ ’ਤੇ ਮ੍ਰਿਤਕਾ ਹਰਪ੍ਰੀਤ ਕੌਰ ਦੇ ਪਿਤਾ ਪਰਮਿੰਦਰ ਸਿੰਘ ਵਾਸੀ ਪਿੰਡ ਕਿਸ਼ਨਗੜ੍ਹ ਛੰਨਾ ਨੇ ਆਪਣੀ ਧੀ ਦੀ ਮੌਤ ਲਈ ਆਪਣੇ ਜਵਾਈ ਐਡਵੋਕੇਟ ਅਬਨਿੰਦਰ ਸਿੰਘ ਨੂੰ ਦੋਸ਼ੀ ਠਹਿਰਾਉਂਦਿਆਂ ਉਸ ਖਿਲਾਫ਼ ਕੇਸ ਦਰਜ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਉਸਦੀ ਲੜਕੀ ਦਾ ਵਿਆਹ ਕਰੀਬ 9 ਵਰ੍ਹੇ ਪਹਿਲਾਂ ਅਬਨਿੰਦਰ ਸਿੰਘ ਨਾਲ ਹੋਇਆ ਸੀ ਤੇ ਉਨ੍ਹਾਂ ਦੇ ਦੋ ਬੱਚੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਅਬਨਿੰਦਰ ਸਿੰਘ ਅਤੇ ਉਸਦਾ ਪਰਿਵਾਰ ਹਰਪ੍ਰੀਤ ਕੌਰ ਨੂੰ ਪ੍ਰੇਸ਼ਾਨ ਕਰਦਾ ਸੀ। ਉਨ੍ਹਾਂ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਜਵਾਈ ਨਸ਼ੇ ਕਰਨ ਦਾ ਆਦੀ ਹੈ ਤੇ ਇਸ ਦਾ ਹਿਰਾਸਤ ’ਚ ਲੈਣ ਉਪਰੰਤ ਡੋਪ ਟੈਸਟ ਹੋਣਾ ਚਾਹੀਦਾ ਹੈ।