ਪੱਤਰ ਪ੍ਰੇਰਕ
ਬਨੂੜ, 10 ਸਤੰਬਰ
ਇੱਥੋਂ ਨੇੜਲੇ ਪਿੰਡ ਘੜਾਮਾਂ ’ਚ ਸ਼ਰਾਬ ਦੇ ਠੇਕੇ ਦੇ ਕਰਿੰਦੇ ਦੀ ਸੱਪ ਦੇ ਡੱਸਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਮਿੰਟੂ (32) ਮੂਲ ਰੂਪ ਵਿੱਚ ਬਿਹਾਰ ਦਾ ਵਸਨੀਕ ਸੀ। ਜਾਣਕਾਰੀ ਅਨੁਸਾਰ ਬੀਤੀ ਰਾਤ ਉਸ ਨੂੰ ਜ਼ਹਿਰੀਲੇ ਸੱਪ ਨੇ ਡੰਗ ਮਾਰਿਆ ਤਾਂ ਉਸ ਨੇ ਸ਼ਰਾਬ ਦੇ ਠੇਕੇ ਦੇ ਨਾਲ ਬਣੇ ਹਾਤੇ ਦੇ ਮਾਲਕ ਨੂੰ ਫੋਨ ਕੀਤਾ। ਪੀੜਤ ਨੌਜਵਾਨ ਨੂੰ ਇਲਾਜ ਲਈ ਰਾਜਪੁਰਾ ਦੇ ਏਪੀ ਜੈਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਰੈਫਰ ਕਰ ਦਿੱਤਾ। ਉਸ ਦੀ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਪਿੰਡ ਘੜਾਮਾਂ ਦੇ ਵਸਨੀਕਾਂ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਅੱਜ ਠੇਕੇਦਾਰਾਂ ਵੱਲੋਂ ਪਿੰਡ ਬਾਸਮਾਂ ਤੋਂ ਸਪੇਰੇ ਨੂੰ ਬੁਲਾਇਆ ਗਿਆ ਜਿਸ ਨੇ ਠੇਕੇ ਅੰਦਰੋਂ ਦੋ ਜ਼ਹਿਰੀਲੇ ਸੱਪਾਂ ਨੂੰ ਕਾਬੂ ਕੀਤਾ।