ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 10 ਸਤੰਬਰ
ਚੰਡੀਗੜ੍ਹ ਦੇ ਮੇਅਰ ਕੁਲਦੀਪ ਕੁਮਾਰ ਨੇ ਮੰਗਲਵਾਰ ਨੂੰ ਪਿੰਡ ਸਾਰੰਗਪੁਰ ਵਿੱਚ ਮੁਰੰਮਤ ਕੀਤੇ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੇਅਰ ਨੇ ਕਿਹਾ ਕਿ ਇਸ ਕਮਿਊਨਿਟੀ ਸੈਂਟਰ ਦਾ ਲਗਪਗ 49 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਕਮਿਊਨਿਟੀ ਸੈਂਟਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਲ 2019 ਵਿੱਚ ਨਗਰ ਨਿਗਮ ਦੇ ਅਧਿਕਾਰ ਖੇਤਰ ਵਿੱਚ ਆਉਂਦੇ 13 ਪਿੰਡਾਂ ਦੇ ਰਲੇਵੇਂ ਸਮੇਂ ਨਗਰ ਨਿਗਮ ਨੂੰ ਸੌਂਪ ਦਿੱਤਾ ਗਿਆ ਸੀ। ਮੇਅਰ ਨੇ ਕਿਹਾ ਕਿ ਕਮਿਊਨਟੀ ਸੈਂਟਰ ਵਿੱਚ ਲਗਪਗ ਸਾਰੀਆਂ ਲੋੜੀਂਦੀਆਂ ਆਧੁਨਿਕ ਸੁਵਿਧਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਖੇਤਰੀ ਕੌਂਸਲਰ ਰਾਮ ਚੰਦਰ ਯਾਦਵ ਸਣੇ ਹੋਰ ਕੌਂਸਲਰ, ਨਿਗਮ ਦੇ ਐੱਸਈ ਧਰਮਿੰਦਰ, ਹੋਰ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।