ਜਤਿੰਦਰ ਬੈਂਸ
ਗੁਰਦਾਸਪੁਰ, 11 ਸਤੰਬਰ
ਕੂੜੇ ਦੀ ਸਮੱਸਿਆ ਦੇ ਹੱਲ ਲਈ ਬਣਾਏ ਜਾ ਰਹੇ ਪ੍ਰੋਸੈਸਿੰਗ ਪਲਾਂਟ ਦੀ ਉਸਾਰੀ ਸਬੰਧੀ ਕੌਂਸਲ ਮੁਲਾਜ਼ਮਾਂ ’ਤੇ ਹਮਲਾ ਕਰਨ ਖ਼ਿਲਾਫ਼ ਅੱਜ ਹਲਕਾ ਵਿਧਾਇਕ ਬਰਿੰਦਰ ਮੀਤ ਸਿੰਘ ਪਾਹੜਾ ਅਤੇ ਨਗਰ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਸ਼ਹਿਰ ਦੇ ਡਾਕਖਾਨਾ ਚੌਕ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਕਰੀਬ ਚਾਰ ਘੰਟੇ ਤੱਕ ਚੱਲੇ ਧਰਨੇ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਭਰੋਸੇ ’ਤੇ ਸੰਘਰਸ਼ ਸਮਾਪਤ ਕੀਤਾ ਗਿਆ। ਪੁਲੀਸ ਨੇ ਦੋ ਨਾਮੀ ਅਤੇ ਕੁਝ ਅਣਪਛਾਤਿਆਂ ਖ਼ਿਲਾਫ਼ ਡੀਡੀਆਰ ਦਰਜ ਕਰ ਲਈ ਹੈ। ਵਿਧਾਇਕ ਪਾਹੜਾ ਨੇ ਕਿਹਾ ਕਿ ਸ਼ਹਿਰ ਵਿੱਚ ਪਿਛਲੇ ਦੋ ਮਹੀਨਿਆਂ ਤੋਂ ਕੂੜੇ ਦੀ ਸਮੱਸਿਆ ਬਣੀ ਹੋਈ ਹੈ ਅਤੇ ਜਗ੍ਹਾ ਨਾ ਹੋਣ ਕਾਰਨ ਥਾਂ-ਥਾਂ ਕੂੜਾ ਸੁੱਟਿਆ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਨਗਰ ਕੌਂਸਲ ਨੇ ਡੀਸੀ, ਏਡੀਸੀ ਅਤੇ ਸਮੂਹ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਪ੍ਰੋਸੈਸਿੰਗ ਪਲਾਂਟ ਲਗਾਉਣ ਲਈ ਜਗ੍ਹਾ ਲੱਭੀ ਹੈ ਤਾਂ ਕੁਝ ਲੋਕ ਅੜਿੱਕਾ ਪਾ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਪ੍ਰਸ਼ਾਸਨ ਨੇ ਪੀੜਤ ਮੁਲਾਜ਼ਮ ਦੇ ਬਿਆਨਾਂ ਦੇ ਆਧਾਰ ’ਤੇ ਮੁੱਢਲੀ ਰਿਪੋਰਟ ਦਰਜ ਕਰਕੇ ਦੋ ਦਿਨਾਂ ਵਿੱਚ ਐੱਫਆਈਆਰ ਦਰਜ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਸੰਘਰਸ਼ ਨੂੰ ਖਤਮ ਕਰ ਦਿੱਤਾ ਗਿਆ ਹੈ ਪਰ ਜੇਕਰ ਇਸ ਤੋਂ ਬਾਅਦ ਵੀ ਪ੍ਰਸ਼ਾਸਨ ਨੇ ਬਣਦੀ ਕਾਰਵਾਈ ਨਾ ਕੀਤੀ ਤਾਂ ਇਸ ਤੋਂ ਵੀ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਪਾਹੜਾ ਨੇ ਦੱਸਿਆ ਕਿ ਕੌਂਸਲ ਨੇ ਸੰਘਰਸ਼ ਖਤਮ ਕਰਕੇ ਵਾਟਰ ਸਪਲਾਈ ਤੇ ਸਟਰੀਟ ਲਾਈਟਾਂ ਦੀ ਸਹੂਲਤ ਸ਼ੁਰੂ ਕਰ ਦਿੱਤੀ ਹੈ ਤੇ ਸਫਾਈ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਹੈ।