ਖੇਤਰੀ ਪ੍ਰਤੀਨਿਧ
ਪਟਿਆਲਾ, 11 ਸਤੰਬਰ
ਸਰਕਾਰੀ ਹਸਪਤਾਲ ਤੇ ਸਿਹਤ ਕੇਂਦਰਾਂ ਵਿੱਚ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਮੇਤ ਹੋਰ ਮੰਗਾਂ ਮੰਨਵਾਉਣ ਲਈ ਪੰਜਾਬ ਭਰ ਦੇ ਸਰਕਾਰੀ ਡਾਕਟਰਾਂ ਵੱਲੋਂ ਵਿੱਢੀ ਗਈ ਹੜਤਾਲ ਅੱਜ ਲਗਾਤਾਰ ਤੀਜੇ ਦਿਨ ਵੀ ਜਾਰੀ ਰਹੀ। ਇਸ ਦੌਰਾਨ ਰੋਜ਼ਾਨਾ ਦੀ ਤਰ੍ਹਾਂ ਸਵੇਰੇ 8 ਤੋਂ 11 ਵਜੇ ਤੱਕ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿਚ ਓਪੀਡੀ ਬੰਦ ਰਹੀ ਜਿਸ ਕਰਕੇ ਮਰੀਜ਼ਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਹੜਤਾਲ ਕਾਰਨ ਅਪਰੇਸ਼ਨ ਦੀਆਂ ਤਰੀਕਾਂ ਵੀ ਅੱਗੇ ਪੈ ਗਈਆਂ। ਮਰੀਜ਼ਾਂ ਨੇ ਕਿਹਾ ਕਿ ਜੋ ਅਪਰੇਸ਼ਨ ਅਤੇ ਚੈੱੱਕਅਪ ਪਿਛਲੇ ਦਿਨੀਂ ਹੋਣੇ ਚਾਹੀਦੇ ਸਨ, ਉਹ ਲਗਾਤਾਰ ਅੱਗੇ ਪੈਣ ਕਾਰਨ ਉਨ੍ਹਾਂ ਨੂੰ ਤਕਲੀਫ਼ ਅਤੇ ਖਤਰਾ ਆਦਿ ਵਧ ਰਿਹਾ ਹੈ। ਅਜਿਹੀ ਸੂਰਤ ’ਚ ਸਰਦੇ ਪੁੱਜਦੇ ਘਰਾਂ ਦੇ ਕੁਝ ਮਰੀਜ਼ਾਂ ਨੇ ਪ੍ਰਾਈਵੇਟ ਡਾਕਟਰਾਂ ਤੋਂ ਇਲਾਜ ਕਰਵਾਉਣਾ ਜ਼ਰੂਰੀ ਸਮਝਿਆ। ਜ਼ਿਕਰਯੋਗ ਹੈ ਕਿ ਇਸ ਹੜਤਾਲ ਦੀ ਅਗਵਾਈ ਪੰਜਾਬ ਸਿਵਲ ਮੈਡੀਕਲ ਸਰਵਿਸਿਜ ਐਸੋਸੀਏਸਨ ਵੱਲੋਂ ਕੀਤੀ ਜਾ ਰਹੀ ਹੈ। ਇਸ ਸਬੰਧੀ ਅੱਜ ਇਥੇ ਮਾਤਾ ਕੁਸ਼ੱਲਿਆ ਸਰਕਾਰੀ ਜ਼ਿਲ੍ਹਾ ਹਸਪਤਾਲ ਪਟਿਆਲਾ ਵਿਖੇ ਪੰਜਾਬ ਸਿਵਲ ਮੈਡੀਕਲ ਸਰਵਿਸਿਜ ਐਸੋਸੀਏਸਨ ਪਟਿਆਲਾ ਦੇ ਪ੍ਰਧਾਨ ਡਾ. ਸੁਮੀਤ ਸਿੰਘ ਦੀ ਅਗਵਾਈ ਹੇਠਾਂ ਕੀਤੇ ਗਏ ਪ੍ਰਰਦਸ਼ਨ ਮੌਕੇ ਡਾ. ਵਿਕਾਸ ਗੋਇਲ ਸਮੇਤ ਹੋਰਨਾਂ ਨੇ ਸਰਕਾਰ ਤੋਂ ਉਨ੍ਹਾਂ ਦੀ ਜਾਇਜ਼ ਮੰਗ ਦੀ ਪੂਰੀ ਕਰਨ ਦੀ ਅਪੀਲ ਕੀਤੀ। ਇਲਾਕੇ ਦੇ ਸਮਾਜ ਸੈਵੀ ਗਿਆਨੀ ਭੁਪਿੰਦਰ ਸਿੰਘ ਗੋਲੂ ਅਤੇ ਬਲਵਿੰਦਰ ਸਿੰਘ ਸੈਂਭੀ ਸਮੇਤ ਕਈ ਹੋਰਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਡਾਕਟਰਾਂ ਦੀਆਂ ਮੰਗਾਂ ਮੰਨ ਕੇ ਮਰੀਜ਼ਾਂ ਨੂੰ ਰਾਹਤ ਦਿੱਤੀ ਜਾਵੇ।
ਸਮਾਣਾ (ਪੱਤਰ ਪ੍ਰੇਰਕ): ਸਿਵਲ ਹਸਪਤਾਲ ਦੇ ਡਾਕਟਰਾਂ ਦੀ ਚੱਲ ਰਹੀ ਤਿੰਨ ਦਿਨਾਂ ਹੜਤਾਲ ਕਾਰਨ ਮਰੀਜ਼ਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਸਪਤਾਲ ਵਿੱਚ ਵੱਖ-ਵੱਖ ਪਿੰਡਾਂ ਤੋਂ ਆਏ ਸੈਂਕੜੇ ਮਰੀਜ਼ਾਂ ਨੇ ਦੱਸਿਆ ਕਿ ਉਹ ਕਈ ਦਿਨਾਂ ਤੋਂ ਹਸਪਤਾਲ ’ਚ ਦਵਾਈ ਲੈਣ ਆ ਰਹੇ ਹਨ, ਪਰ ਉਨ੍ਹਾਂ ਨੂੰ ਨਸ਼ਾ ਛਡਾਊ ਕੇਂਦਰ ਵਿੱਚ ਵੀ ਦਵਾਈ ਨਹੀਂ ਮਿਲ ਰਹੀ ਜਿਸ ਕਾਰਨ ਉਨਾਂ ਦੀ ਸਿਹਤ ਖਰਾਬ ਹੋ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੇ ਕਰ ਉਹ ਪਟਿਆਲਾ ਤੋਂ ਵੱਧ ਦਵਾਈ ਡਾਕਟਰ ਤੋਂ ਲਿਖਾ ਕੇ ਲਿਆਉਂਦੇ ਹਨ ਤਾਂ ਉਨ੍ਹਾਂ ਨੂੰ ਵੱਧ ਦਿਨਾਂ ਦੀ ਦਵਾਈ ਨਹੀਂ ਦਿੱਤੀ ਜਾਂਦੀ। ਐੱਸਐੱਮਓ ਡਾ. ਜਤਿਨ ਡਾਹਰਾ ਨੇ ਦੱਸਿਆ ਕਿ 11 ਵਜੇ ਤੋਂ ਬਾਅਦ ਮਰੀਜ਼ਾਂ ਨੂੰ ਓਪੀਡੀ ਦੀ ਸਹੂਲਤ ਦਿੱਤੀ ਜਾਂਦੀ ਹੈ।
ਡਾਕਟਰਾਂ ਦੀ ਸੁਰੱਖਿਆ ਲਈ ਜ਼ਿਲ੍ਹਾ ਪੱਧਰੀ ਬੋਰਡ ਕਾਇਮ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਸਿਹਤ ਬੋਰਡ ਕਾਇਮ ਕੀਤਾ ਗਿਆ। ਡਿਪਟੀ ਕਮਿਸ਼ਨਰ ਇਸ ਬੋਰਡ ਦੇ ਚੇਅਰਪਰਸਨ ਹੋਣਗੇ। ਬੋਰਡ ਦੀ ਪਲੇਠੀ ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦਾ ਸੁਰੱਖਿਆ ਆਡਿਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਥੇ ਲਾਏ ਗਾਏ ਸੀਸੀਟੀਵੀ ਕੈਮਰੇ ਕਾਰਜਸ਼ੀਲ ਹੋਣ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਵਾਧੂ ਲਾਈਟਾਂ ਦਾ ਪ੍ਰਬੰਧ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿੱਚ ਡਿਸਪਲੇ ਬੋਰਡ ਲਾਉਣ ਦੀ ਹਦਾਇਤ ਵੀ ਕੀਤੀ।