ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 11 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਅੱਜ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਸਿੱਖ ਪੰਥ ਖ਼ਿਲਾਫ਼ ਕਾਰਵਾਈਆਂ ਕਰਨ ਵਾਲੇ ਅਕਾਲੀ ਆਗੂਆਂ ਨੂੰ ਤਲਬ ਕੀਤਾ ਜਾਵੇ। ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਸਰਨਾ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਜਥੇਦਾਰ ਨਾਲ ਮੁਲਾਕਾਤ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਸੰਕਟ ਅਤੇ ਪਾਰਟੀ ਦੀ ਹੋਂਦ ਬਚਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਜਥੇਦਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਉਨ੍ਹਾਂ ਸਾਰੇ ਸਾਬਕਾ ਅਕਾਲੀ ਆਗੂਆਂ ਨੂੰ ਵੀ ਤਲਬ ਕਰਨ ਜਿਨ੍ਹਾਂ ਨੇ ਸਿੱਖ ਪੰਥ ਵਿਰੋਧੀ ਕਾਰਵਾਈਆਂ ਕੀਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕਈ ਸਿੱਖ ਆਗੂ ਹਨ, ਜਿਨ੍ਹਾਂ ਨੇ ਉਸ ਵੇਲੇ ਸਿਆਸੀ ਲਾਹਾ ਲਿਆ ਤੇ ਬਾਅਦ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਦੇ ਅਜਿਹੇ ਆਗੂਆਂ ਨੂੰ ਵੀ ਸੱਦਣਾ ਚਾਹੀਦਾ ਹੈ, ਜਿਨ੍ਹਾਂ ਦੇ ਹੁੰਦਿਆਂ ਗੁਰਦੁਆਰਿਆਂ ਅਤੇ ਪ੍ਰਬੰਧਕੀ ਅਦਾਰਿਆਂ ਨੂੰ ਨੁਕਸਾਨ ਪੁੱਜਿਆ ਹੈ, ਵਿਦਿਅਕ ਅਦਾਰੇ ਘਾਟੇ ਵਿੱਚ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਾਰੇ ਅਕਾਲੀ ਆਗੂਆਂ ਦੀ ਜਵਾਬਦੇਹੀ ਯਕੀਨੀ ਬਣਾਈ ਜਾਵੇ।
ਚੰਦੂਮਾਜਰਾ ਨੂੰ ਵੀ ਤਲਬ ਕੀਤਾ ਜਾਣਾ ਚਾਹੀਦੈ: ਗਰੇਵਾਲ
ਸ਼੍ੋਮਣੀ ਅਕਾਲੀ ਦਲ ਦੇ ਇੱਕ ਵਫ਼ਦ ਨੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮੰਗ ਪੱਤਰ ਸੌਂਪ ਕੇ ਬਾਗੀ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸ੍ਰੀ ਗਰੇਵਾਲ ਨੇ ਕਿਹਾ ਕਿ ਸ੍ਰੀ ਚੰਦੂਮਾਜਰਾ ਨੂੰ ਵੀ ਤਲਬ ਕੀਤਾ ਜਾਣਾ ਚਾਹੀਦਾ ਹੈ, ਜਿਨ੍ਹਾਂ ਨੇ ਪਿਛਲੇ ਸਮੇਂ ਵਿੱਚ ਨਾਂਹ-ਪੱਖੀ ਅਤੇ ਪੰਥ ਵਿਰੋਧੀ ਭੂਮਿਕਾ ਨਿਭਾਈ ਹੈ। ਦੱਸਣਯੋਗ ਹੈ ਕਿ ਮਹੇਸ਼ਇੰਦਰ ਸਿੰਘ ਗਰੇਵਾਲ ਵੀ ਸਾਬਕਾ ਅਕਾਲੀ ਮੰਤਰੀਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਨੇ ਅਕਾਲ ਤਖ਼ਤ ਵਿਖੇ ਆਪਣਾ ਸਪੱਸ਼ਟੀਕਰਨ ਸੌਂਪਿਆ ਹੈ।