ਪੱਤਰ ਪ੍ਰੇਰਕ
ਹੁਸ਼ਿਆਰਪੁਰ, 12 ਸਤੰਬਰ
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਆਗੂਆਂ ਸਤੀਸ਼ ਰਾਣਾ, ਜਰਮਨਜੀਤ ਸਿੰਘ, ਸੁਰਿੰਦਰ ਪਾਲ ਸਿੰਘ, ਕਰਮ ਸਿੰਘ ਧਨੋਆ, ਸੁਖਦੇਵ ਸਿੰਘ ਆਦਿ ਨੇ ਬਿਜਲੀ ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਜਾ ਰਹੀ ਹੜਤਾਲ ਨੂੰ ਸਮਰਥਨ ਦਾ ਐਲਾਨ ਕੀਤਾ ਹੈ। ਫ਼ਰੰਟ ਦੇ ਆਗੂਆਂ ਨੇ ਪੰਜਾਬ ਸਰਕਾਰ ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਬਿਜਲੀ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ। ਆਗੂਆਂ ਨੇ ਸਿਹਤ ਵਿਭਾਗ ਅੰਦਰ ਕੰਮ ਕਰਦੇ ਡਾਕਟਰਾਂ ਵਲੋਂ ਕੀਤੀ ਜਾ ਰਹੀ ਹੜਤਾਲ ਦਾ ਵੀ ਸਮਰਥਨ ਕੀਤਾ ਤੇ ਸਰਕਾਰ ਤੋਂ ਡਾਕਟਰਾਂ ਦੀਆਂ ਮੰਗਾਂ ਨੂੰ ਹੱਲ ਕਰਨ ਦੀ ਵੀ ਮੰਗ ਕੀਤੀ।
ਉਨ੍ਹਾਂ ਨੇ ਪੰਜਾਬ ਭਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਮੁਲਾਜ਼ਮਾਂ ਤੇ ਡਾਕਟਰਾਂ ਦੇ ਸੰਘਰਸ਼ ਵਿਚ ਸ਼ਾਮਿਲ ਹੋ ਕੇ ਉਨ੍ਹਾਂ ਦੀ ਹੜਤਾਲ ਨੂੰ ਪੂਰਨ ਸਮਰਥਨ ਦੇਣ। ਫ਼ਰੰਟ ਦੇ ਆਗੂਆਂ ਨੇ ਦੱਸਿਆ ਕਿ ਕੈਬਨਿਟ ਸਬ ਕਮੇਟੀ ਦੀ ਪੰਜਾਬ ਭਵਨ ਵਿਖੇ ਹੋਈ ਮੀਟਿੰਗ ’ਚ ਫ਼ਰੰਟ ਦੇ ਆਗੂਆਂ ਨੇ ਸ਼ਮੂਲੀਅਤ ਨਹੀਂ ਕੀਤੀ ਕਿਉਂਕਿ ਵਿੱਤ ਮੰਤਰੀ ਵਲੋਂ ਪਹਿਲਾਂ ਵੀ ਕਈ ਵਾਰ ਹੋ ਚੱੁਕੀਆਂ ਮੀਟਿੰਗਾਂ ’ਚ ਉਨ੍ਹਾਂ ਦੀ ਕਿਸੇ ਵੀ ਮੰਗ ਦਾ ਨਿਪਟਾਰਾ ਨਹੀਂ ਕੀਤਾ ਗਿਆ। ਦੂਜੇ ਪਾਸੇ ਮੁੱਖ ਮੰਤਰੀ ਕਈ ਵਾਰ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨੂੰ ਮੁਲਤਵੀ ਕੀਤਾ ਜਾਂਦਾ ਰਿਹਾ.