ਸੰਜੀਵ ਹਾਂਡਾ
ਫ਼ਿਰੋਜ਼ਪੁਰ, 12 ਸਤੰਬਰ
ਸਾਰਾਗੜ੍ਹੀ ਵਿੱਚ 21 ਸੂਰਬੀਰ ਸਿੰਘਾਂ ਵੱਲੋਂ 127 ਸਾਲ ਪਹਿਲਾਂ ਦਿੱਤੀ ਗਈ ਸ਼ਹਾਦਤ ਨੂੰ ਸਰਕਾਰ ਨੇ ਜਿਉਂਦਾ ਕੀਤਾ ਹੈ, ਜਿਸ ਨਾਲ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਯੋਧੇ ਅੱਜ ਵੀ ਲੋਕਾਂ ਦੇ ਦਿਲਾਂ ਵਿਚ ਜ਼ਿੰਦਾ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿੱਚ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ ਬਣਾਈ ਗਈ ‘ਸਾਰਾਗੜ੍ਹੀ ਜੰਗ ਯਾਦਗਾਰ’ ਦਾ ਲੋਕ ਅਰਪਣ ਕਰਨ ਮੌਕੇ ਕੀਤਾ।
ਸ਼ਹੀਦਾਂ ਦੀ ਯਾਦ ਵਿਚ ਰੱਖੇ ਗਏ ਅਖੰਡ ਪਾਠ ਦੇ ਭੋਗ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਰਾਗੜ੍ਹੀ ਵਾਰ ਦੇ ਨਾਇਕ ਹੌਲਦਾਰ ਸਰਦਾਰ ਈਸ਼ਰ ਸਿੰਘ ਦਾ 8 ਫੁੱਟ ਉੱਚਾ ਬੁੱਤ ਯਾਦਗਾਰ ਦੇ ਦਾਖ਼ਲੇ ’ਤੇ ਪ੍ਰਦਰਸ਼ਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਸ ਸਮੇਂ ਦੇ ਯੁੱਧ ਦੇ ਦ੍ਰਿਸ਼ ਨੂੰ ਦਰਸਾਉਂਦੇ ਹੋਏ 41 ਫੁੱਟ ਲੰਬੀ ਦੀਵਾਰ (ਮੂਰਲ ਵਾਲ) ਬਣਾਈ ਗਈ ਹੈ। ਜ਼ਿਕਰਯੋਗ ਹੈ ਕਿ ਇਸ ਜੰਗੀ ਯਾਦਗਾਰ ਦਾ ਨੀਂਹ ਪੱਥਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 12 ਸਤੰਬਰ 2023 ਨੂੰ ਸਾਰਾਗੜ੍ਹੀ ਦਿਵਸ ਮੌਕੇ ਰੱਖਿਆ ਗਿਆ ਸੀ ਤੇ ਇਸ ਨੂੰ ਸਾਲ ਵਿੱਚ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ। ਇਸ ਦੀ ਉਸਾਰੀ ’ਤੇ ਕਰੀਬ ਦੋ ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਦੇ ਨਿਰਮਾਣ ਲਈ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਵੱਲੋਂ ਵੀ ਪੰਜਾਹ ਲੱਖ ਰੁਪਏ ਦਾ ਅਹਿਮ ਯੋਗਦਾਨ ਪਾਇਆ ਗਿਆ ਹੈ। ਇਸ ਜੰਗ ਵਿਚ ਸ਼ਹੀਦ ਹੋਣ ਵਾਲੇ ਸੈਨਿਕਾਂ ਵਿਚੋਂ ਜ਼ਿਆਦਾਤਰ ਫ਼ਿਰੋਜ਼ਪੁਰ ਨਾਲ ਸਬੰਧਤ ਸਨ। ਇਸ ਜੰਗ ਨੂੰ ਸਮਰਪਿਤ ਅਜਾਇਬ ਘਰ ਵੀ ਬਣਾਇਆ ਗਿਆ ਹੈ। ਇਸ ਮੌਕੇ ਡਾ.ਬਲਜੀਤ ਕੌਰ ਵੱਲੋਂ ਜੰਗ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ):
ਸਾਰਾਗੜ੍ਹੀ ਜੰਗ ਦੀ 127ਵੀਂ ਵਰ੍ਹੇਗੰਢ ਅੱਜ ਇੱਥੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿੱਚ ਮਨਾਈ ਗਈ, ਜਿਸ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ। ਇਸ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਮਗਰੋਂ ਗੁਰਮਤਿ ਸਮਾਗਮ ਹੋਇਆ। ਇਸ ਮੌਕੇ ਸੱਚਖੰਡ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ।ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਕਥਾ ਵਿਖਿਆਨ ਕੀਤਾ। ਗਿਆਨੀ ਗੁਰਮਿੰਦਰ ਸਿੰਘ ਨੇ ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਦੁਆਰਾ ਸਾਰਾਗੜ੍ਹੀ ਸਾਹਿਬ ਦੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਤੇ ਭਾਈ ਜਸਪਾਲ ਸਿੰਘ ਤੋਂ ਇਲਾਵਾ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੇ ਪਰਿਵਾਰਾਂ ਵਿੱਚੋਂ ਰਣਜੀਤ ਸਿੰਘ, ਮਹਿੰਦਰ ਸਿੰਘ, ਬੀਬੀ ਸੰਤੋਸ਼ ਕੌਰ, ਬੀਬੀ ਅਵਨੀਤ ਕੌਰ, ਬੀਬੀ ਸਿਮਰਜੀਤ ਕੌਰ ਅਤੇ 4 ਸਿੱਖ ਰੈਜੀਮੈਂਟ ਵੱਲੋਂ ਗੁਰਪ੍ਰੀਤ ਸਿੰਘ, ਰਾਮ ਸਿੰਘ ਹਾਜ਼ਰ ਸਨ।