ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 12 ਸਤੰਬਰ
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਵਿਸ਼ੇਸ਼ ਮੀਟਿੰਗ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਫ਼ਤਿਹ-ਏ-ਜੰਗ ਚੱਪੜਚਿੜੀ ਕਲਾਂ ਵਿੱਚ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਦੀ ਪ੍ਰਧਾਨਗੀ ਹੇਠ ਹੋਈ। ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਵੀ ਸ਼ਿਰਕਤ ਕੀਤੀ। ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਅਤੇ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਬਿਜਲੀ ਦਰਾਂ ’ਚ ਵਾਧਾ, ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਧਾਉਣ, ਡੀਏਪੀ ਖਾਦ, ਪਿੰਡਾਂ ਦੀਆਂ ਖਸਤਾ ਹਾਲਤ ਲਿੰਕ ਸੜਕਾਂ ਅਤੇ ਫੈਕਟਰੀਆਂ ਦੇ ਪ੍ਰਦੂਸ਼ਣ ਆਦਿ ਮੁੱਦਿਆਂ ’ਤੇ ਚਰਚਾ ਕੀਤੀ ਗਈ।
ਇਸ ਮੌਕੇ ਸ੍ਰੀ ਲੱਖੋਵਾਲ ਨੇ ਕਿਹਾ ਕਿ ਮੁਹਾਲੀ ਸਣੇ ਪੰਜਾਬ ਭਰ ਵਿੱਚ ਜ਼ਿਆਦਾਤਰ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਹਾਲਤ ਬਹੁਤ ਖਸਤਾ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਰਕਾਰ ਇਨ੍ਹਾਂ ਦੀ ਮੁਰੰਮਤ ਕਰਵਾਏ। ਕਿਸਾਨਾਂ ਨੇ ਮੁਹਾਲੀ ਅਤੇ ਡੇਰਾਬੱਸੀ ਦੇ ਉਦਯੋਗਾਂ ਵੱਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ’ਤੇ ਚਿੰਤਾ ਪ੍ਰਗਟ ਕੀਤੀ। ਮੀਟਿੰਗ ਵਿੱਚ ਮੁਹਾਲੀ ਬਲਾਕ ਦੇ ਪ੍ਰਧਾਨ ਦਰਸ਼ਨ ਸਿੰਘ, ਜਸਪਾਲ ਸਿੰਘ ਲਾਂਡਰਾਂ, ਮਨਪ੍ਰੀਤ ਸਿੰਘ ਅਮਰਾਲਾ, ਖਰੜ ਬਲਾਕ ਦੇ ਪ੍ਰਧਾਨ ਗੁਰਮੀਤ ਸਿੰਘ ਖੂਨੀਮਾਜਰਾ, ਜਨਰਲ ਸਕੱਤਰ ਸੋਨੀ ਰਸਨਹੇੜੀ, ਕਿਰਪਾਲ ਸਿੰਘ ਮਗਰ, ਗੁਰਜੰਟ ਸਿੰਘ ਆਦਿ ਮੌਜੂਦ ਸਨ।