ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਸਤੰਬਰ
ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਦਿਵਸ ਅਤੇ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਦਿਵਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਸ਼ਾਮ ਨੂੰ ਰਾਗ ਦਰਬਾਰ ਲਾਇਆ ਗਿਆ ਜੋ ਦੇਰ ਰਾਤ ਤੱਕ ਜਾਰੀ ਰਿਹਾ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਪ੍ਰਮੁੱਖ ਸ਼ਖਸੀਅਤਾ ਹਾਜ਼ਰ ਸਨ। ਰਾਗ ਦਰਬਾਰ ਦੌਰਾਨ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਭਾਈ ਮਨਿੰਦਰ ਸਿੰਘ, ਬੀਬੀ ਰਵਿੰਦਰ ਕੌਰ ਪਟਿਆਲਾ, ਭਾਈ ਗੁਰਿੰਦਰ ਸਿੰਘ ਬਟਾਲਾ, ਭਾਈ ਜਤਿੰਦਰ ਸਿੰਘ , ਭਾਈ ਸਤਨਿੰਦਰ ਸਿੰਘ ਬੋਦਲ, ਭਾਈ ਗੁਰਮੀਤ ਸਿੰਘ ਸ਼ਾਂਤ, ਭਾਈ ਹਰਜੋਤ ਸਿੰਘ ਜ਼ਖ਼ਮੀ, ਭਾਈ ਕਮਲਜੀਤ ਸਿੰਘ ਸ਼ਾਂਤ ਦੇ ਜਥਿਆਂ ਨੇ ਸੰਗਤ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੀ ਪਾਵਨ ਗੁਰਬਾਣੀ ਦਾ ਰਾਗ ਆਧਾਰਿਤ ਕੀਰਤਨ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਅਜਾਇਬ ਸਿੰਘ ਅਭਿਆਸੀ, ਗੁਰਮੀਤ ਸਿੰਘ ਬੂਹ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ਼ਾਹਬਾਜ ਸਿੰਘ ਅਤੇ ਸੰਗਤਾਂ ਮੌਜੂਦ ਸਨ।