ਖੇਤਰੀ ਪ੍ਰਤੀਨਿਧ
ਲੁਧਿਆਣਾ, 13 ਸਤੰਬਰ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਵਿਖੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਕਰਨ ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੇਲੇ ਦੇ ਵੱਖ-ਵੱਖ ਸਟਾਲਾਂ ਦਾ ਦੌਰਾ ਕਰਕੇ ਪਸ਼ੂਧਨ ਨਾਲ ਜੁੜੇ ਕਿੱਤਿਆਂ ਸਬੰਧੀ ਅਤੇ ਬਿਹਤਰ ਨਸਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਡੇਅਰੀ ਦਾ ਕਿੱਤਾ ਪ੍ਰਤੀ ਦਿਨ ਆਮਦਨ ਦੇਣ ਵਾਲਾ ਕਿੱਤਾ ਹੈ। ਉਨ੍ਹਾਂ ਨੇ ਕਿਸਾਨਾਂ ਨਾਲ ਗੱਲਾਂ ਕੀਤੀਆਂ ਅਤੇ ਕਿਸਾਨੀ ਮੁੱਦਿਆਂ ਸੰਬੰਧੀ ਉਨ੍ਹਾਂ ਦੇ ਵਿਚਾਰ ਵੀ ਸੁਣੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਲਈ ਕਈ ਭਲਾਈ ਯੋਜਨਾਵਾਂ ਚਲਾ ਰਹੀ ਹੈ। ਕਿਸਾਨਾਂ ਨੂੰ ਉਨ੍ਹਾਂ ਦਾ ਲਾਭ ਲੈਣਾ ਚਾਹੀਦਾ ਹੈ ਅਤੇ ਬਿਹਤਰ ਆਮਦਨ ਵਾਸਤੇ ਆਪਣੇ ਖੇਤੀਬਾੜੀ ਅਤੇ ਪਸ਼ੂਧਨ ਉਦਮੀ ਕਿੱਤੇ ਸਥਾਪਿਤ ਕਰਨੇ ਚਾਹੀਦੇ ਹਨ। ’ਵਰਸਿਟੀ ਦੇ ਉਪ-ਕੁਲਪਤੀ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਕਿਹਾ ਕਿ ਉਤਪਾਦਾਂ ਦੀ ਗੁਣਵੱਤਾ ਵਧਾ ਕੇ ਕਿਸਾਨਾਂ ਦੀ ਆਮਦਨ ਬਿਹਤਰ ਕੀਤੀ ਜਾ ਸਕਦੀ ਹੈ। ਇਸ ਵਾਰ ਦੇ ਮੇਲੇ ਦਾ ਨਾਅਰਾ ‘ਉਤਪਾਦਨ ਤੋਂ ਉਤਪਾਦ ਬਣਾਈਏ, ਆਓ ਵੱਧ ਮੁਨਾਫ਼ਾ ਪਾਈਏ ਰੱਖਿਆ ਗਿਆ ਸੀ। ਡਾ. ਗਿੱਲ ਨੇ ਕਿਹਾ ਕਿ ਮਾਰਚ ਅਤੇ ਸਿਤੰਬਰ ਦੇ ਮਹੀਨੇ, ਸਾਲ ਵਿੱਚ ਦੋ ਵਾਰ ਲਗਾਇਆ ਜਾਂਦਾ ਇਹ ਮੇਲਾ ਪਸ਼ੂ ਪਾਲਕਾਂ, ਵਿਗਿਆਨੀਆਂ, ਪਸਾਰ ਕਰਮਚਾਰੀਆਂ, ਡੇਅਰੀ ਅਫਸਰਾਂ, ਪਸ਼ੂ ਆਹਾਰ ਮਾਹਿਰਾਂ, ਮੱਛੀ ਪਾਲਣ ਅਧਿਕਾਰੀਆਂ ਅਤੇ ਪਸ਼ੂ ਇਲਾਜ ਅਤੇ ਤਕਨੀਕੀ ਸੰਦਾਂ ਨਾਲ ਜੁੜੀਆਂ ਵੱਖ-ਵੱਖ ਕੰਪਨੀਆਂ ਨੂੰ ਇਕ ਸਾਂਝਾ ਮੰਚ ਮੁਹੱਈਆ ਕਰਦਾ ਹੈ। ਮੇਲੇ ਵਿਚ ਪਸ਼ੂ ਆਹਾਰ ਵਿਭਾਗ ਅਤੇ ਕਾਲਜ ਆਫ ਫ਼ਿਸ਼ਰੀਜ਼ ਦੇ ਸਾਂਝੇ ਉਦਮ ਨਾਲ ਵਿਕਸਤ ਕੀਤਾ ਗਿਆ ਮੱਛੀਆਂ ਲਈ ਧਾਤਾਂ ਦਾ ਚੂਰਾ ਵੀ ਲੋਕ ਅਰਪਣ ਕੀਤਾ ਗਿਆ। ਨਿਰਦੇਸ਼ਕ ਪਸਾਰ ਸਿੱਖਿਆ ਡਾ. ਪਰਕਾਸ਼ ਸਿੰਘ ਬਰਾੜ ਨੇ ਦੱਸਿਆ ਕਿ ਮੇਲਾ ਦੇਖਣ ਆਏ ਬਹੁਤੇ ਕਿਸਾਨਾਂ ਨੇ ਬੱਕਰੀ, ਸੂਰ ਤੇ ਮੱਛੀਆਂ ਪਾਲਣ ਦੇ ਧੰਦੇ ਅਪਣਾਉਣ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।
ਤਿੰਨ ਅਗਾਂਹਵਧੂ ਕਿਸਾਨਾਂ ਨੂੰ ਮੁੱਖ ਮੰਤਰੀ ਪੁਰਸਕਾਰ
ਪਸ਼ੂ ਪਾਲਣ ਕਿੱਤਿਆਂ ਵਿੱਚ ਨਿਵੇਕਲੀ ਕਾਰਗੁਜ਼ਾਰੀ ਵਿਖਾਉਣ ਵਾਲੇ ਤਿੰਨ ਅਗਾਂਹਵਧੂ ਕਿਸਾਨਾਂ ਨੂੰ ਮੁੱਖ ਮੰਤਰੀ ਪੁਰਸਕਾਰ ਦਿੱਤੇ ਗਏ। ਇੰਨ੍ਹਾਂ ਵਿੱਚ ਗਾਂਵਾਂ ਪਾਲਣ ਦੀ ਸ਼੍ਰੇਣੀ ਵਿਚ ਹਰਪ੍ਰੀਤ ਸਿੰਘ ਪੁੱਤਰ ਲਖਬੀਰ ਸਿੰਘ ਪਿੰਡ ਸੋਹਲ ਜ਼ਿਲ੍ਹਾ ਤਰਨਤਾਰਨ, ਮੁਰਗੀ ਪਾਲਣ ਸ਼੍ਰੇਣੀ ਵਿਚ ਗੁਰਦਰਸ਼ਨ ਸਿੰਘ ਟਿਵਾਣਾ ਪੁੱਤਰ ਮਲਕੀਤ ਸਿੰਘ ਪਿੰਡ ਚਨਾਰਥਲ ਖੁਰਦ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਣਵੱਤਾ ਭਰਪੂਰ ਉਤਪਾਦ ਬਣਾਉਣ ਦੀ ਸ਼੍ਰੇਣੀ ਵਿਚ ਕੁਲਜਸ ਰਾਏ ਅਰੋੜਾ ਪੁੱਤਰ ਮੋਹਨ ਲਾਲ ਵਾਸੀ ਪਿੰਡ ਵਡਾਲਾ ਵੀਰਮ ਜ਼ਿਲ੍ਹਾ ਅੰਮ੍ਰਿਤਸਰ ਨੂੰ ਸਨਮਾਨਿਤ ਕੀਤਾ ਗਿਆ।