ਗੁਰਦੀਪ ਸਿੰਘ ਲਾਲੀ
ਸੰਗਰੂਰ, 13 ਸਤੰਬਰ
ਕੰਪਿਊਟਰ ਅਧਿਆਪਕਾਂ ਵਲੋਂ ਮਸਲੇ ਹੱਲ ਨਾ ਹੋਣ ਤੇ ਕੋਈ ਸੁਣਵਾਈ ਨਾ ਹੋਣ ’ਤੇ 14 ਸਤੰਬਰ ਨੂੰ ਮੁਹਾਲੀ ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਫ਼ਤਰ ਅੱਗੇ ਸੂਬਾ ਪੱਧਰੀ ਮਹਾਂ ਰੈਲੀ ਕੀਤੀ ਜਾਵੇਗੀ ਅਤੇ ਰੈਲੀ ਉਪਰੰਤ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਜਾਵੇਗਾ। ਇਹ ਜਾਣਕਾਰੀ ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਦੇ ਸੂਬਾ ਆਗੂ ਪਰਮਵੀਰ ਸਿੰਘ ਵਲੋਂ ਦਿੱਤੀ ਗਈ।
ਉਧਰ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿਨ-ਰਾਤ ਦਾ ਪੱਕਾ ਮੋਰਚਾ ਲਗਾ ਕੇ ਅਣਮਿਥੇ ਸਮੇਂ ਲਈ ਸ਼ੁਰੂ ਕੀਤੀ ਭੁੱਖ ਹੜਤਾਲ 13ਵੇਂ ਦਿਨ ਵੀ ਜਾਰੀ ਰਹੀ। ਅੱਜ ਕੰਪਿਊਟਰ ਅਧਿਆਪਕ ਨਰਿੰਦਰ ਸਿੰਘ ਬਰਾੜ ਫਰੀਦਕੋਟ ਭੁੱਖ ਹੜਤਾਲ ’ਤੇ ਬੈਠੇ ਜਦੋਂ ਕਿ ਵੱਖ-ਵੱਖ ਜ਼ਿਲ੍ਹਿਆਂ ਦੇ ਕੰਪਿਊਟਰ ਅਧਿਆਪਕਾਂ ਵਲੋਂ ਪੱਕੇ ਮੋਰਚੇ ਵਿਚ ਸ਼ਾਮਲ ਹੋ ਕੇ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਗਈ। ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਪਰਮਵੀਰ ਸਿੰਘ, ਪ੍ਰਦੀਪ ਮਲੂਕਾ, ਜਸਪਾਲ ਸਿੰਘ, ਲਖਵਿੰਦਰ ਸਿੰਘ, ਰਜਵੰਤ ਕੌਰ ਨੇ ਦੱਸਿਆ ਕਿ ਪਿਛਲੇ 13 ਦਿਨਾਂ ਤੋਂ ਸੰਗਰੂਰ ’ਚ ਸੂਬਾ ਪੱਧਰੀ ਭੁੱਖ ਹੜਤਾਲ ਰਹੀ ਹੈ ਪਰ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਸਾਲ 2011 ਵਿੱਚ ਮਿਲੇ ਰੈਗੂਲਰ ਆਰਡਰਾਂ ਅਨੁਸਾਰ ਉਨ੍ਹਾਂ ਦੇ ਸਾਰੇ ਬਣਦੇ ਹੱਕ ਬਹਾਲ ਕੀਤੇ ਜਾਣ, ਛੇਵੇਂ ਪੇਅ ਕਮਿਸ਼ਨ ਦਾ ਲਾਭ ਦਿੰਦੇ ਹੋਏ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ, ਜਿਨ੍ਹਾਂ ਕੰਪਿਊਟਰ ਅਧਿਆਪਕਾਂ ਦੀ ਪਿਛਲੇ ਸਮੇਂ ਦੌਰਾਨ ਕਿਸੇ ਵੀ ਕਾਰਨ ਕਰਕੇ ਮੌਤ ਹੋ ਚੁੱਕੀ ਹੈ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਬਣਦੀ ਵਿੱਤੀ ਸਹਾਇਤਾ ਦਿੰਦੇ ਹੋਏ ਸਰਕਾਰੀ ਨੌਕਰੀ ਦਿੱਤੀ ਜਾਵੇ।