ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 13 ਸਤੰਬਰ
ਗੁਰੂ ਰਾਮਦਾਸ ਦੇ ਗੁਰਿਆਈ ਦਿਵਸ ਅਤੇ ਗੁਰੂ ਅਮਰਦਾਸ ਦੇ ਜੋਤੀ ਜੋਤ ਦਿਹਾੜੇ ਦੀ 450 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਗੋਇੰਦਵਾਲ ਸਾਹਿਬ ਵਿਖੇ ਚੱਲ ਰਹੇ ਸਮਾਗਮਾਂ ਦੌਰਾਨ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਗੁਰਦੁਆਰਾ ਬਾਉਲੀ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੀ ਪਤਨੀ ਅਨੀਤਾ ਕਟਾਰੀਆ ਵੀ ਮੌਜੂਦ ਸਨ। ਸ੍ਰੀ ਕਟਾਰੀਆ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਸ਼ਰਧਾ ਪ੍ਰਗਟਾਈ। ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਰਾਜਿੰਦਰ ਸਿੰਘ ਮਹਿਤਾ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਹੁਦੇਦਾਰਾਂ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਰਾਜਪਾਲ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਇੱਕ ਘੰਟਾ ਰੁਕੇ ਤੇ ਲੰਗਰ ਵੀ ਛਕਿਆ।
ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਕਟਾਰੀਆ ਨੇ ਕਿਹਾ ਕਿ ਜੇ ਅੱਜ ਦੇਸ਼ ਦਾ ਧਰਮ, ਪਰੰਪਰਾਵਾਂ ਤੇ ਸੱਭਿਆਚਾਰ ਸੁਰੱਖਿਅਤ ਹੈ ਤਾਂ ਉਹ ਗੁਰੂ ਸਾਹਿਬਾਨ ਦੀ ਬਦੌਲਤ ਹੈ। ਹਿੰਦੂ ਧਰਮ ਬਚਾਉਣ ਲਈ ਸਿੱਖ ਗੁਰੂ ਸਾਹਿਬਾਨ ਨੇ ਜੋ ਯੋਗਦਾਨ ਤੇ ਕੁਰਬਾਨੀ ਦਿੱਤੀ ਹੈ, ਉਹ ਬੇਮਿਸਾਲ ਹੈ। ਉਨ੍ਹਾਂ ਸ੍ਰੀ ਗੋਇੰਦਵਾਲ ਸਾਹਿਬ ਦਾ ਜ਼ਿਕਰ ਕਰਦਿਆਂ ਕਿਹਾ ਕਿ ਇੱਥੇ ਗੁਰੂ ਸਾਹਿਬ ਨੇ ਪੰਗਤ ਤੇ ਸੰਗਤ ਦਾ ਇਤਿਹਾਸ ਦਿੱਤਾ ਜੋ ਬਰਾਬਰੀ ਦੀ ਵਿਲੱਖਣ ਉਦਾਹਰਨ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਧਰਮ ਇਤਿਹਾਸ ਦੇ ਸ਼ਤਾਬਦੀ ਦਿਹਾੜੇ ਕੌਮ ਲਈ ਮਹੱਤਵਪੂਰਨ ਹਨ ਅਤੇ ਇਹ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਅਹਿਮ ਹਨ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕੌਮ ਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਉੱਤੇ ਚੱਲਣ ਦੀ ਅਪੀਲ ਕੀਤੀ।
ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਗੁਰੂ ਅਰਜਨ ਦੇਵ ਸਰਾਂ ਦਾ ਉਦਘਾਟਨ
ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਅਤੇ ਗੁਰੂ ਰਾਮਦਾਸ ਜੀ ਦੇ ਗੁਰਤਾਗੱਦੀ ਸਬੰਧੀ 450 ਸਾਲਾ ਸ਼ਤਾਬਦੀ ਸਮਾਗਮਾਂ ਮੌਕੇ ਸੰਗਤ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇੱਥੇ ਗੁਰਦੁਆਰਾ ਬਾਉਲੀ ਸਾਹਿਬ ਵਿੱਚ ਇੱਕ ਸਰਾਂ ਸੰਗਤ ਨੂੰ ਸਮਰਪਿਤ ਕੀਤੀ ਗਈ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਨਾਂ ’ਤੇ ਤਿਆਰ ਕੀਤੀ ਗਈ ਇਸ ਸਰਾਂ ਦੀ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਘੋਲਾ ਸਿੰਘ ਤੇ ਬਾਬਾ ਗੁਰਨਾਮ ਸਿੰਘ ਨੂੰ ਸੌਂਪੀ ਗਈ ਸੀ। ਅੱਜ ਇਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਦੇ ਸਮਾਗਮ ਵੱਡੀ ਪੱਧਰ ’ਤੇ ਕੀਤੇ ਜਾ ਰਹੇ ਹਨ, ਜਿਸ ਦੌਰਾਨ ਲੱਖਾਂ ਸੰਗਤਾਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਬਾਬਾ ਘੋਲਾ ਸਿੰਘ, ਬਾਬਾ ਗੁਰਨਾਮ ਸਿੰਘ, ਸਕੱਤਰ ਪ੍ਰਤਾਪ ਸਿੰਘ, ਸਕੱਤਰ ਧਰਮ ਪ੍ਰਚਾਰ ਕਮੇਟੀ ਬਲਵਿੰਦਰ ਸਿੰਘ ਕਾਹਲਵਾਂ, ਬਾਬਾ ਦਵਿੰਦਰ ਸਿੰਘ ਸੋਨੂੰ ਹਾਜ਼ਰ ਸਨ।