ਸਤਵਿੰਦਰ ਬਸਰਾ
ਲੁਧਿਆਣਾ, 13 ਸਤੰਬਰ
ਪੀਏਯੂ ਵਿੱਚ ਦੋ ਦਿਨਾ ਕਿਸਾਨ ਮੇਲਾ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਮੇਲੇ ਦੇ ਪਹਿਲੇ ਦਿਨ ਪੰਜਾਬ ਸਮੇਤ ਹੋਰਨਾਂ ਸੂਬਿਆਂ ਤੋਂ ਵੱਡੀ ਗਿਣਤੀ ਕਿਸਾਨ ਪੁੱਜੇ। ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ। ਪੀਏਯੂ ਤੋਂ ਇਲਾਵਾ ਕੇਵੀਕੇ ਪੀਏਯੂ ਵਿੱਚ ਵੀ ਕਿਸਾਨ ਮੇਲਾ ਅੱਜ ਤੋਂ ਸ਼ੁਰੂ ਹੋ ਗਿਆ। ਸ੍ਰੀ ਖੁੱਡੀਆਂ ਨੇ ਕਿਹਾ ਕਿ ਧਰਤੀ ਹੇਠਲਾ ਪਾਣੀ ਦਿਨੋ-ਦਿਨ ਹੇਠਾਂ ਜਾ ਰਿਹਾ ਹੈ। ਇਸ ਸਬੰਧੀ ਭਾਵੇਂ ਵਿਗਿਆਨੀ ਆਪਣੇ ਪੱਧਰ ’ਤੇ ਕੋਸ਼ਿਸ਼ਾਂ ਕਰ ਰਹੇ ਹਨ ਪਰ ਇਹ ਓਨੀ ਦੇਰ ਨਹੀਂ ਰੁਕ ਸਕਦਾ ਜਦੋਂ ਤੱਕ ਲੋਕ ਆਪਣਾ ਬਣਦਾ ਸਹਿਯੋਗ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖੇਤੀ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਖੇਤੀ ਆਮਦਨ ਵਿਚ ਵਾਧੇ ਅਤੇ ਵਿਗਿਆਨਕ ਖੇਤੀ ਦੇ ਪ੍ਰਸਾਰ ਲਈ ਵਿਸ਼ੇਸ਼ ਹੰਭਲੇ ਮਾਰੇ ਜਾ ਰਹੇ ਹਨ, ਨਹਿਰਾਂ ਦੀ ਉਸਾਰੀ ਵੀ ਇਨ੍ਹਾਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਖੇਤੀ ਦੇ ਨਾਲ ਨਾਲ ਪਸ਼ੂ ਪਾਲਣ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਦੀ ਸਲਾਹ ਦਿੱਤੀ। ਕੈਬਨਿਟ ਮੰਤਰੀ ਨੇ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਬੀਜਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਡੀਏਪੀ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਪ ਕੁਲਪਤੀ ਨੇ ਕਿਹਾ ਕਿ ਕਿਸਾਨ ਸੂਬੇ ਦੀਆਂ 35 ਥਾਵਾਂ ਤੋਂ ਪੀਏਯੂ ਵੱਲੋਂ ਵੱਖ ਵੱਖ ਫਸਲਾਂ ਦੇ ਸਿਫਾਰਿਸ਼ ਕੀਤੇ ਬੀਜ ਖਰੀਦ ਸਕਦੇ ਹਨ।ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਵੀ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਘੱਟ ਸਮੇਂ ਵਿੱਚ ਪੱਕਣ ਵਾਲੀ ਕਿਸਮ ਲਗਾਉਣ ਦੀ ਅਪੀਲ ਕੀਤੀ। ਉਧਰ, ਪੀਏਯੂ ਟੀਚਰਜ਼ ਐਸਸੋਸੀਏਸ਼ਨ ਦੀ ਅਗਵਾਈ ਹੇਠ ਪਿਛਲੇ ਕਈ ਦਿਨਾਂ ਤੋਂ ਧਰਨੇ ’ਤੇ ਬੈਠੇ ਅਧਿਆਪਕਾਂ ਨੇ ਅੱਜ ਰੋਸ ਧਰਨੇ ਨੂੰ ਹੋਰ ਤਿੱਖਾ ਕਰਦਿਆਂ ਮੁੱਖ ਕਿਸਾਨ ਮੇਲਾ ਗਰਾਊਂਡ ਵਿੱਚ ਦਾਖਲ ਹੋ ਕੇ ਨਾਅਰੇਬਾਜ਼ੀ ਕੀਤੀ।
ਪਸ਼ੂ ਪਾਲਣ ਮੇਲੇ ’ਚ ਪਹੁੰਚੇ ਵੱਡੀ ਗਿਣਤੀ ਪਸ਼ੂ ਪਾਲਕ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਚ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ। ਉਨ੍ਹਾਂ ਮੇਲੇ ਦੇ ਵੱਖ-ਵੱਖ ਸਟਾਲਾਂ ਦਾ ਦੌਰਾ ਕਰਕੇ ਪਸ਼ੂਧਨ ਕਿੱਤਿਆਂ ਸਬੰਧੀ ਅਤੇ ਬਿਹਤਰ ਨਸਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਲਈ ਕਈ ਯੋਜਨਾਵਾਂ ਚਲਾ ਰਹੀ ਹੈ ਤੇ ਕਿਸਾਨਾਂ ਨੂੰ ਉਨ੍ਹਾਂ ਦਾ ਲਾਭ ਲੈਣਾ ਚਾਹੀਦਾ ਹੈ। ’ਵਰਸਿਟੀ ਦੇ ਉਪ-ਕੁਲਪਤੀ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਕਿਹਾ ਕਿ ਉਤਪਾਦਾਂ ਦੀ ਗੁਣਵੱਤਾ ਵਧਾ ਕੇ ਕਿਸਾਨਾਂ ਦੀ ਆਮਦਨ ਬਿਹਤਰ ਕੀਤੀ ਜਾਵੇਗੀ। ਇਸ ਵਾਰ ਦੇ ਮੇਲੇ ਦਾ ਨਾਅਰਾ ‘ਉਤਪਾਦਨ ਤੋਂ ਉਤਪਾਦ ਬਣਾਈਏ, ਆਓ ਵੱਧ ਮੁਨਾਫ਼ਾ ਪਾਈਏ’ ਰੱਖਿਆ ਗਿਆ ਸੀ।