ਰਮੇਸ਼ ਭਾਰਦਵਾਜ
ਲਹਿਰਾਗਾਗਾ, 14 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪਿੰਡ ਜਲੂਰ ਦੇ ਇਕਾਈ ਆਗੂਆਂ ਅਤੇ ਬਲਾਕ ਸਕੱਤਰ ਰਾਮਫਲ ਸਿੰਘ ਜਲੂਰ ਦੀ ਅਗਵਾਈ ਵਿੱਚ ਇੱਕ ਮੀਟਿੰਗ ਕੀਤੀ। ਇਸ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਸਰਕਾਰ ਵੱਲੋਂ ਘਰਾਂ ਵਿੱਚ ਲਗਾਏ ਗਏ ਚਿੱਪ ਵਾਲੇ ਬਿਜਲੀ ਮੀਟਰ ਪੁੱਟ ਕੇ ਬਿਜਲੀ ਦਫ਼ਤਰ ਵਿੱਚ ਜਮ੍ਹਾ ਕਰਵਾਏ ਜਾਣਗੇ। ਆਗੂਆਂ ਨੇ ਕਿਹਾ ਕਿ ਸਰਕਾਰ ਲੋਕ ਮਾਰੂ ਨੀਤੀਆਂ ਲੈ ਕੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਕਰਜ਼ੇ ਦਾ ਬੋਝ ਹੈ ਅਤੇ ਦੂਜੇ ਪਾਸੇ ਸਰਕਾਰ ਲੋਕਾਂ ’ਤੇ ਆਰਥਿਕ ਤੌਰ ’ਤੇ ਭਾਰ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਪੂੰਜੀਪਤੀ ਘਰਾਣਿਆਂ ਦੇ ਪੱਖ ਵਿੱਚ ਭੁਗਤ ਰਹੀ ਸਰਕਾਰ ਧੜਾ-ਧੜ ਚਿੱਪ ਵਾਲੇ ਮੀਟਰ ਲਗਵਾ ਰਹੀ ਹੈ। ਆਗੂਆਂ ਨੇ ਕਿਹਾ ਕਿ ਭਾਵੇਂ ਹੁਣ ਬਿਜਲੀ ਮੁਫ਼ਤ ਹੋਣ ਕਰਕੇ ਕੋਈ ਪ੍ਰੇਸ਼ਾਨੀ ਨਹੀਂ ਪਰ ਭਵਿੱਖ ਵਿੱਚ ਵੱਡਾ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਜਥੇਬੰਦੀ ਪਿੰਡਾਂ ਵਿੱਚ ਚਿੱਪ ਵਾਲੇ ਮੀਟਰ ਨਹੀਂ ਲੱਗਣ ਦੇਵੇਗੀ। ਬਲਾਕ ਸਕੱਤਰ ਰਾਮਫਲ ਸਿੰਘ ਜਲੂਰ ਨੇ ਕਿਹਾ ਕਿ ਸਰਕਾਰ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਸੋਨਾ ਸਿੰਘ, ਤਾਰਾ ਸਿੰਘ ਬਿੰਦਰ ਸਿੰਘ, ਬਾਬੂ ਸਿੰਘ, ਜਗਸੀਰ ਸਿੰਘ, ਲਾਲੀ ਸਿੰਘ ਹਾਜ਼ਰ ਸਨ।