ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਸਤੰਬਰ
ਕਿਸਾਨ-ਮਜ਼ਦੂਰ ਅਯੋਗ, ਨੇਸ਼ਨ ਫਾਰ ਫਾਰਮਰਜ਼ ਅਤੇ ਆਲ ਇੰਡੀਆ ਬੈਂਕ ਆਫੀਸਰਜ਼ ਕੋ ਫੈਡਰੇਸ਼ਨ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਇੱਥੇ ਕਿਸਾਨ ਭਵਨ ਵਿੱਚ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿੱਚ ਖੇਤੀ ਮਾਹਿਰ ਪੀ ਸਾਈਨਾਥ, ਦਵਿੰਦਰ ਸ਼ਰਮਾ, ਦਿਨੇਸ਼ ਅਬਰੋਲ, ਜਗਮੋਹਨ ਸਿੰਘ, ਇੰਦਰਜੀਤ ਸਿੰਘ ਸਨੇ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਆਗੂਆਂ ਕਿਹਾ ਕਿ ਮੌਜੂਦਾ ਸਮੇਂ ਕਿਸਾਨੀ ਘਾਟੇ ਦਾ ਸੌਦਾ ਬਣਦੀ ਜਾ ਰਹੀ ਹੈ। ਕਿਸਾਨਾਂ ਦੇ ਸਿਰ ਲਗਾਤਾਰ ਕਰਜ਼ਾ ਵਧ ਰਿਹਾ ਹੈ। ਇਸ ਮੌਕੇ ਬੁੱਧੀਜੀਵੀਆਂ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਰਾਜਨੀਤਿਕ ਪਾਰਟੀਆਂ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਆਪਣੇ ਚੋਣ ਘੋਸ਼ਣਾ ਪੱਤਰ ਵਿੱਚ ਸ਼ਾਮਿਲ ਕਰਨ ਦੀ ਮੰਗ ਕੀਤੀ। ਇਸ ਮੌਕੇ ਸੈਮੀਨਾਰ ਵਿੱਚ ਮੌਜੂਦ ਸ਼ਖਸੀਅਤਾਂ ਵੱਲੋਂ ਹਰਿਆਣਾ ਦੀਆਂ ਤਮਾਮ ਰਾਜਨੀਤਿਕ ਪਾਰਟੀਆਂ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਬਾਰੇ ਖੁੱਲ੍ਹਾ ਪੱਤਰ ਵੀ ਲਿਖਿਆ ਗਿਆ। ਬੁੱਧੀਜੀਵੀਆਂ ਨੇ ਮੰਗ ਕੀਤੀ ਕਿ ਹਰਿਆਣਾ ਸਰਕਾਰ ਤੋਂ ਕਿਸਾਨ ਮਜ਼ਦੂਰ ਪੱਖੀ ਕਮਿਸ਼ਨ ਬਣਾਉਣ ਦੀ ਮੰਗ ਕੀਤੀ, ਜਿਸ ਵਿੱਚ ਖੇਤੀ ਖੇਤਰ ਨਾਲ ਸਬੰਧਿਤ ਮਾਹਿਰਾਂ ਨੂੰ ਸ਼ਾਮਿਲ ਕੀਤਾ ਜਾਵੇ। ਹਰਿਆਣਾ ਦੀਆਂ ਮੁੱਖ ਫਸਲਾਂ ਝੋਨਾ, ਕਣਕ, ਬਾਜਰਾ, ਮੱਕੀ, ਗੰਨਾ ਅਤੇ ਹੋਰਨਾਂ ਫਸਲਾਂ ’ਤੇ ਐੱਮਐੱਸਪੀ ਵਿੱਚ ਵਾਧਾ ਕੀਤਾ ਜਾਵੇ। ਹਰਿਆਣਾ ਵਿੱਚ ਕਰਜ਼ ਮੁਆਫੀ ਲਈ ਬਣੇ ਨਿਯਮਾਂ ਨੂੰ ਸੁਖਾਲਾ ਕੀਤਾ ਜਾਵੇ। ਇਸ ਤੋਂ ਇਲਾਵਾ ਵੀ ਹੋਰਨਾਂ ਕਿਸਾਨੀ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਸ਼ਾਮਿਲ ਕੀਤਾ ਗਿਆ।