ਆਤਿਸ਼ ਗੁਪਤਾ
ਚੰਡੀਗੜ੍ਹ, 15 ਸਤੰਬਰ
ਭਾਜਪਾ ਦੇ ਸੀਨੀਅਰ ਆਗੂ ਤੇ ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਦੇਸ਼ ਦੇ ਲੋਕ ਰਾਹੁਲ ਗਾਂਧੀ ਨੂੰ ਕਦੇ ਵੀ ਪ੍ਰਧਾਨ ਮੰਤਰੀ ਨਹੀਂ ਬਣਨ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਤੈਅ ਹੋਣ ਤੋਂ ਬਾਅਦ ਅਤੇ ਮੋਦੀ ਸਰਕਾਰ ਵੱਲੋਂ ਸਿੱਖ ਕਤਲੇਆਮ ਦੇ ਦੋਸ਼ੀਆਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਤੋਂ ਕਾਂਗਰਸ ਪਾਰਟੀ ਘਬਰਾਈ ਹੋਈ ਹੈ। ਇਸੇ ਕਰਕੇ ਪਾਰਟੀ ਆਗੂ ਲੋਕਾਂ ਨੂੰ ਗੁਮਰਾਹ ਕਰਨ ਲਈ ਬਿਆਨ ਦੇ ਰਹੇ ਹਨ। ਸ੍ਰੀ ਗਰੇਵਾਲ ਨੇ ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀਆਂ ਗ਼ਲਤ ਨੀਤੀਆਂ ਅਤੇ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋਣ ਦੀ ਲਾਲਸਾ ਕਾਰਨ ਸਾਕਾ ਨੀਲਾ ਤਾਰਾ ਹੋਇਆ ਸੀ। ਕਾਂਗਰਸ ਪਾਰਟੀ ਨੂੰ ਦੇਸ਼ ਦੇ ਲੋਕਾਂ ਅਤੇ ਸਿੱਖਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਭਾਜਪਾ ਆਗੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਪੱਗ ਬੰਨ੍ਹਦੇ ਹਨ ਤੇ ਸਿੱਖ ਧਰਮ ਵਿੱਚ ਅਥਾਹ ਸ਼ਰਧਾ ਰੱਖਦੇ ਹਨ।
ਕੇਜਰੀਵਾਲ ਨੂੰ ਪਹਿਲਾਂ ਹੀ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ: ਭਾਜਪਾ ਆਗੂ
ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਦਾ ਐਲਾਨ ‘ਆਪ’ ਦੀ ਈਵੈਂਟ ਮੈਨੇਜਮੈਂਟ ਹੈ। ਕੇਜਰੀਵਾਲ ਨੂੰ ਤਾਂ ਬਹੁਤ ਪਹਿਲਾਂ ਅਸਤੀਫ਼ਾ ਦੇ ਦੇਣਾ ਚਾਹੀਦਾ ਸੀ, ਹੁਣ ਤਾਂ ਸੁਪਰੀਮ ਕੋਰਟ ਨੇ ਵੀ ਕਹਿ ਦਿੱਤਾ ਕਿ ਤੁਸੀ ਸਰਕਾਰੀ ਕੰਮ ਨਹੀਂ ਕਰ ਸਕਦੇ, ਪਰ ਉਹ ਅਜੇ ਵੀ ਸਮਾਂ ਲੈ ਰਿਹਾ ਹੈ।