ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 15 ਸਤੰਬਰ
ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪੁਲੀਸ ਚੌਕਸ ਹੋ ਗਈ ਹੈ। ਜ਼ਿਲ੍ਹਾ ਪੁਲੀਸ ਕਪਤਾਨ ਵਰੁਣ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਸ਼ਾਹਬਾਦ ਥਾਣਾ ਖੇਤਰ ਵਿਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਪੁਲੀਸ ਤੇ ਸੀਆਈਐਸਐਫ ਨੇ ਆਮ ਨਾਗਰਿਕਾਂ ਨੂੰ ਸ਼ਾਂਤਮਈ, ਨਿਰਪੱਖ ਤੇ ਆਜ਼ਾਦ ਚੋਣ ਪ੍ਰਕਿਰਿਆ ਵਿਚ ਪੁਲੀਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਦੱਸਣਾ ਬਣਦਾ ਹੈ ਕਿ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ 5 ਅਕਤੂਬਰ ਨੂੰ ਹੋਣੀਆਂ ਹਨ। ਇਸ ਤੋਂ ਬਾਅਦ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ।
ਅੱਜ ਦੇ ਫਲੈਗ ਮਾਰਚ ਦੀ ਅਗਵਾਈ ਥਾਣਾ ਸ਼ਾਹਬਾਦ ਦੇ ਇੰਚਾਰਜ ਇੰਸਪੈਕਟਰ ਨਰੇਸ਼ ਕੁਮਾਰ ਨੇ ਕੀਤੀ। ਪੁਲੀਸ ਟੀਮ ਨੇ ਸ਼ਹਿਰ ਦੀਆਂ ਵੱਖ ਵੱਖ ਗਲੀਆਂ ਤੇ ਸੜਕਾਂ ਤੋਂ ਲੰਘਦਿਆਂ ਲੋਕਾਂ ਨੂੰ ਬਿਨਾਂ ਕਿਸੇ ਡਰ ਭੈਅ ਤੋਂ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਦੌਰਾਨ ਕਿਸੇ ਦੇ ਬਹਿਕਾਵੇ ਵਿਚ ਨਾ ਆਉਣ ਤੇ ਕਿਸੇ ਵੀ ਕਿਸਮ ਦਾ ਲਾਲਚ ਦੇਣ ਵਾਲੇ ਵਿਅਕਤੀ ਦੀ ਸੂਚਨਾ ਤੁਰੰਤ ਨਜ਼ਦੀਕੀ ਪੁਲੀਸ ਸਟੇਸ਼ਨ ’ਤੇ ਦੇਣ ਜਾਂ ਪੁਲੀਸ ਕੰਟਰੋਲ ਰੂਮ ਨੂੰ ਸੂਚਿਤ ਕਰਨ।