ਜਗਤਾਰ ਲਾਂਬਾ
ਅੰਮ੍ਰਿਤਸਰ, 16 ਸਤੰਬਰ
ਖੱਬੀ ਧਿਰ ਨਾਲ ਸਬੰਧਿਤ ਜਥੇਬੰਦੀਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ), ਸੀਪੀਆਈ (ਐੱਮਐੱਲ) ਲਿਬਰੇਸ਼ਨ ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਘਰ ਨੇੜੇ ਰੋਸ ਧਰਨਾ ਦਿੱਤਾ ਗਿਆ।
ਧਰਨੇ ਦੀ ਪ੍ਰਧਾਨਗੀ ਖੱਬੀਆਂ ਧਿਰਾਂ ਨਾਲ ਸਬੰਧਿਤ ਜਥੇਬੰਦੀਆਂ ਦੇ ਆਗੂਆਂ ਗੁਰਨਾਮ ਸਿੰਘ ਦਾਊਦ, ਡਾਕਟਰ ਸਤਨਾਮ ਸਿੰਘ ਅਜਨਾਲਾ, ਬਲਬੀਰ ਸਿੰਘ ਮੂਧਲ, ਬਲਬੀਰ ਸਿੰਘ ਝਾਮਕਾ ਤੇ ਧੰਨਵੰਤ ਸਿੰਘ ਖਤਰਾਏ ਕਲਾਂ ਨੇ ਕੀਤੀ।
ਇਸ ਮੌਕੇ ਆਰਐੱਮਪੀਆਈ ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਨੇ ਆਰਐੱਸਐੱਸ ਨੂੰ ਕਰੜੇ ਹੱਥੀ ਲੈਂਦਿਆ ਕਿਹਾ ਕਿ ਇਹ ਜਥੇਬੰਦੀ ਧਰਮ ਆਧਾਰਿਤ ਕੱਟੜ ਹਿੰਦੂਤਵੀ ਰਾਜ ਸਥਾਪਿਤ ਕਰਨਾ ਚਾਹੁੰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਵਾਸਤੇ ਇਹ ਦੇਸ਼ ਵਿੱਚ ਵੰਡ ਪਾਊ ਸਾਜਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੰਘ ਪਰਿਵਾਰ ਆਪਣੇ ਕੋਝੇ ਮਨਸੂਬਿਆਂ ਨੂੰ ਸਿਰੇ ਚੜ੍ਹਾਉਣ ਲਈ ਭਾਰਤ ਦੇ ਸੰਵਿਧਾਨ ਅਤੇ ਜਮਹੂਰੀ ਧਰਮ ਨਿਰਪੱਖ ਅਤੇ ਫੈਡਰਲ ਢਾਂਚੇ ਨੂੰ ਤਬਾਹ ਕਰਨ ਦਾ ਯਤਨ ਕਰ ਰਿਹਾ ਹੈ ਜਿਸ ਨਾਲ ਦੇਸ਼ ਦੀ ਆਜ਼ਾਦੀ ਨੂੰ ਗੰਭੀਰ ਖਤਰਾ ਹੈ।
ਰਤਨ ਸਿੰਘ ਰੰਧਾਵਾ, ਪ੍ਰਭਜੀਤ ਸਿੰਘ ਤਿੰਮੋਵਾਲ ਤੇ ਨਿਰਮਲ ਸਿੰਘ ਛੱਜਲਵੱਡੀ ਨੇ ਕਿਹਾ ਕਿ ਪੰਜਾਬ ਦੇ ਪਿਛਲੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਚੰਡੀਗੜ੍ਹ ਪੰਜਾਬ ਨੂੰ ਦੇਣ, ਪੰਜਾਬੀ ਬੋਲਦੇ ਇਲਾਕੇ ਪੰਜਾਬ ਵਿੱਚ ਸ਼ਾਮਲ ਕਰਨ, ਦਰਿਆਵਾਂ ਅਤੇ ਡੈਮਾਂ ਦਾ ਕੰਟਰੋਲ ਪੰਜਾਬ ਹਵਾਲੇ ਕਰਨ, ਦਰਿਆਈ ਪਾਣੀਆਂ ਦੀ ਰਿਪੇਰੀਅਨ ਸਿਧਾਂਤ ਅਨੁਸਾਰ ਵੰਡ ਕਰਨ, ਬਿਜਲੀ ਬਿੱਲ 2020 ਰੱਦ ਕਰਵਾਉਣ ਲਈ ਅਤੇ ਚੋਣਾਂ ਵਿੱਚ ਕੀਤੇ ਵਾਅਦੇ ਪੂਰੇ ਕਰਵਾਉਣ ਲਈ ਪੰਜਾਬ ਸਰਕਾਰ ਖਿਲਾਫ ਸੰਘਰਸ਼ ਕੀਤਾ ਜਾ ਰਿਹਾ ਹੈ। ਆਗੂਆਂ ਨੇ ਲੋਕਾਂ ਨੂੰ ਸੱਦਾ ਦਿੱਤਾ,‘ਆਓ ਸਾਰੇ ਪੀੜਤ ਮਜ਼ਦੂਰ, ਕਿਸਾਨ ਤੇ ਹੋਰ ਮਿਹਨਤਕਸ਼ ਲੋਕ ਇਕੱਠੇ ਹੋ ਕੇ ਸੰਗਰਾਮ ਨੂੰ ਪ੍ਰਚੰਡ ਕਰੀਏ।’
ਇਸ ਮੌਕੇ ਜਗਤਾਰ ਸਿੰਘ ਕਰਮਪੁਰਾ, ਸੁਰਿੰਦਰ ਸ਼ਰਮਾ, ਮੰਗਲ ਸਿੰਘ ਧਰਮਕੋਟ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਮ ਮੰਗ ਪੱਤਰ ਦਿੱਤੇ ਗਏ।