ਹਤਿੰਦਰ ਮਹਿਤਾ
ਜਲੰਧਰ, 16 ਸਤੰਬਰ
ਇੱਥੋਂ ਦੇ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਹੈ। ਅੱਜ ਮੁਲਾਜ਼ਮਾਂ ਨੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਦਫ਼ਤਰ ਦੇ ਬਾਹਰ ਆਪਣੇ ਹੀ ਉੱਚ ਅਧਿਕਾਰੀਆਂ ਖ਼ਿਲਾਫ਼ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਦੱਸ ਦੇਈਏ ਕਿ ਇਸ ਸਾਲ ਜੁਲਾਈ ਮਹੀਨੇ ਵਿੱਚ ਨਗਰ ਸੁਧਾਰ ਟਰੱਸਟ ਦੇ ਕਲਰਕ ਸਮੇਤ ਕਈ ਮੁਲਾਜ਼ਮਾਂ ਖ਼ਿਲਾਫ਼ ਦੋ ਕੇਸ ਦਰਜ ਕੀਤੇ ਗਏ ਸਨ ਜਿਸ ਵਿੱਚ ਇਨ੍ਹਾਂ ’ਤੇ ਪੈਸੇ ਲੈ ਕੇ ਮਹਿੰਗੇ ਭਾਅ ਦੀ ਜ਼ਮੀਨ ਸਸਤੇ ਭਾਅ ਵੇਚਣ ਦਾ ਦੋਸ਼ ਲਾਇਆ ਗਿਆ ਸੀ। ਇਸ ਸਬੰਧੀ ਮੁਲਾਜ਼ਮਾਂ ਨੇ ਕਿਹਾ ਕਿ ਐੱਫਆਈਆਰ ਗਲਤ ਦਰਜ ਕੀਤੀ ਗਈ ਹੈ। ਇਸ ਸਬੰਧੀ ਇੱਕ ਵਾਰ ਵੀ ਮੁਲਾਜ਼ਮਾਂ ਤੋਂ ਕੋਈ ਸਪੱਸ਼ਟੀਕਰਨ ਨਹੀਂ ਲਿਆ ਗਿਆ। ਜਾਣਕਾਰੀ ਅਨੁਸਾਰ ਇਹ ਐੱਫਆਈਆਰ ਆਮ ਆਦਮੀ ਪਾਰਟੀ ਦੇ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਵੱਲੋਂ ਦਰਜ ਕਰਵਾਈ ਗਈ ਹੈ। ਇਸ ਮਾਮਲੇ ’ਚ ਈਓ ਰਹੇ ਰਾਜੇਸ਼ ਸਮੇਤ ਕਈ ਮੁਲਾਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਸੀ। ਹੁਣ ਮੁਲਾਜ਼ਮ ਮੰਗ ਕਰ ਰਹੇ ਹਨ ਕਿ ਉਕਤ ਐਫਆਈਆਰ ਰੱਦ ਕੀਤੀ ਜਾਵੇ, ਨਹੀਂ ਤਾਂ ਉਹ ਹੜਤਾਲ ’ਤੇ ਚਲੇ ਜਾਣਗੇ ਅਤੇ ਕੰਮ ਨਹੀਂ ਕਰਨਗੇ। ਕੁਝ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਐੱਫਆਈਆਰ ਮੁਤਾਬਕ ਮਾਮਲੇ ਵਿੱਚ ਨਾਮਜ਼ਦ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸਰਕਾਰ ਨੂੰ ਨੁਕਸਾਨ ਪਹੁੰਚਾਇਆ ਹੈ। ਮੁਲਾਜ਼ਮਾਂ ਨੇ ਕਿਹਾ ਕਿ ਜੇਕਰ ਕੋਈ ਘਪਲਾ ਹੋਇਆ ਹੈ ਤਾਂ ਉਹ ਖੁਦ ਸਜ਼ਾ ਭੁਗਤਣ ਲਈ ਤਿਆਰ ਹਨ, ਪਰ ਅਜਿਹਾ ਕੁਝ ਨਹੀਂ ਹੋਇਆ।