ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 16 ਸਤੰਬਰ
ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਨੇ 117 ‘ਗ਼ਰੀਬ’ ਵਿਧਾਇਕਾਂ ਦੇ ਖ਼ਰਚੇ ਪੂਰੇ ਕਰਨ ਲਈ ਆਮ ਲੋਕਾਂ ’ਤੇ ਟੈਕਸਾਂ ਦਾ ਵਾਧੂ ਭਾਰ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਸਰਕਾਰ ਨੇ ਕੈਬਨਿਟ ਮੰਤਰੀਆਂ ਸਣੇ ਸਮੂਹ ਵਿਧਾਇਕਾਂ ਦੇ ਮਾਣ ਭੱਤੇ ਅਤੇ ਤਨਖ਼ਾਹਾਂ ਵਿੱਚ ਵਾਧਾ ਕਰ ਕੇ ਪੰਜਾਬ ਦੇ ਗ਼ਰੀਬ ਲੋਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨਾਲ ਮਜ਼ਾਕ ਕੀਤਾ ਹੈ। ਪਿਛਲੇ ਢਾਈ ਸਾਲਾਂ ਵਿੱਚ ਸਰਕਾਰ ਲਗਪਗ ਇੱਕ ਲੱਖ ਕਰੋੜ ਰੁਪਏ ਦਾ ਕਰਜ਼ਾ ਲੈ ਚੁੱਕੀ ਹੈ ਅਤੇ ਸੂਬਾ ਸਰਕਾਰ ਦੀ ਮੌਜੂਦਾ ਸਥਿਤੀ ਇਹ ਹੈ ਕਿ ਮੁਲਾਜ਼ਮਾਂ ਨੂੰ ਤਨਖ਼ਾਹਾਂ ਅਤੇ ਪੈਨਸ਼ਨਾਂ ਦੇਣ ਵਿੱਚ ਦੇਰੀ ਹੋ ਰਹੀ ਹੈ।
ਸ੍ਰੀ ਕੁੰਭੜਾ ਤੇ ਹੋਰਨਾਂ ਦਲਿਤ ਸੰਗਠਨਾਂ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ, ਦੂਜੇ ਪਾਸੇ ਮੰਤਰੀਆਂ ਅਤੇ ਵਿਧਾਇਕਾਂ ਦੇ ਮਾਣ ਭੱਤੇ ਤੇ ਤਨਖ਼ਾਹਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਰੋਧੀ ਧਿਰ ਦੇ ਆਗੂਆਂ ਦੀ ਚੁੱਪੀ ’ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਹੁਕਮਰਾਨ ਅਤੇ ਵਿਰੋਧੀ ਪਾਰਟੀਆਂ ਦੇ ਆਗੂ ਫਰੈਂਡਲੀ ਮੈਚ ਖੇਡ ਰਹੇ ਹਨ।