ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 16 ਸਤੰਬਰ
ਆਮ ਆਦਮੀ ਪਾਰਟੀ ਦੇ ਆਗੂ ਤੇ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਪਾਰਟੀ ਹੈੱਡਕੁਆਰਟਰ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੀਤੇ ਦਿਨ ਦਿੱਲੀ ਵਿੱਚ ਵਾਪਰੀ ਘਟਨਾ ਤੋਂ ਦੇਸ਼ ਹੀ ਨਹੀਂ ਬਲਕਿ ਪੂਰੀ ਦੁਨੀਆ ਸਦਮੇ ਵਿੱਚ ਹੈ। ਅੱਜ ਪੂਰੇ ਦੇਸ਼ ਵਿੱਚ ਇਹ ਚਰਚਾ ਹੈ ਕਿ ਸੂਬੇ ਦਾ ਮੁੱਖ ਮੰਤਰੀ ਇੱਕ ਕੇਸ ਵਿੱਚ ਜ਼ਮਾਨਤ ਲੈ ਕੇ ਜੇਲ੍ਹ ਤੋਂ ਬਾਹਰ ਆ ਕੇ ਖੁਦ ਕਹਿ ਰਿਹਾ ਹੈ ਕਿ ਜੇ ਉਹ ਇਮਾਨਦਾਰ ਹੈ ਤਾਂ ਉਸ ਨੂੰ ਵੋਟ ਦਿਓ। ਉਨ੍ਹਾਂ ਕਿਹਾ ਕਿ ਅੱਜ ਪੂਰੇ ਦਿੱਲੀ ਦੇ ਲੋਕਾਂ ਵਿੱਚ ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਰੋਸ ਹੈ।
ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਬਹੁਤ ਸਾਰੀਆਂ ਚੋਣਾਂ ਲੜੀਆਂ ਜਾਂਦੀਆਂ ਹਨ। ਜੋ ਜਾਤ, ਭਾਸ਼ਾ ਦੇ ਨਾਮ ’ਤੇ ਲੜੀਆਂ ਜਾਂਦੀਆਂ ਹਨ ਪਰ ਇਤਿਹਾਸ ਵਿੱਚ ਇਹ ਪਹਿਲੀ ਚੋਣ ਹੋਵੇਗੀ ਜਿਸ ਵਿੱਚ ਇਸ ਵਾਰ ਚੋਣਾਂ ਇਮਾਨਦਾਰੀ ਦੇ ਨਾਂ ’ਤੇ ਲੜੀਆਂ ਜਾਣਗੀਆਂ, ਦੂਜੇ ਪਾਸੇ ਕੇਂਦਰ ਵਿੱਚ ਬੈਠੀ ਭਾਜਪਾ ਸਰਕਾਰ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪਿੱਛੇ ਸਾਰੀਆਂ ਏਜੰਸੀਆਂ ਲਗਾਈਆਂ ਹੋਈਆਂ ਹਨ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਉਧਰ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਜਨਤਾ ’ਤੇ ਪੂਰਾ ਭਰੋਸਾ ਹੈ ਅਤੇ ਇਹੀ ਕਾਰਨ ਹੈ ਕਿ ਕੇਜਰੀਵਾਲ ਦਿੱਲੀ ਦੇ ਲੋਕਾਂ ਨੂੰ ਕਹਿੰਦੇ ਹਨ ਕਿ ਉਸ ਨੂੰ ਸਿਰਫ ਤਾਂ ਹੀ ਵੋਟ ਦਿਓ ਜੇ ਤੁਸੀਂ ਸੋਚਦੇ ਹੋ ਕਿ ਕੇਜਰੀਵਾਲ ਇਮਾਨਦਾਰ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਵਿੱਚ ਇੰਨੀ ਉਤਸੁਕਤਾ ਹੈ ਕਿ ਉਹ ਚਾਹੁੰਦੇ ਹਨ ਕਿ ਚੋਣਾਂ ਜਲਦੀ ਤੋਂ ਜਲਦੀ ਹੋਣ ਅਤੇ ਇੱਕ ਵਾਰ ਫਿਰ ਤੋਂ ਅਰਵਿੰਦ ਕੇਜਰੀਵਾਲ ਨੂੰ ਚੁਣ ਕੇ ਦਿੱਲੀ ਦਾ ਮੁੱਖ ਮੰਤਰੀ ਬਣਾਇਆ ਜਾਵੇ। ਭਾਜਪਾ ਦੇ ਸਮਰਥਕ ਵੀ ਮੰਨਦੇ ਹਨ ਕਿ ਇਹ ਆਪਣੇ ਆਪ ਵਿੱਚ ਵੱਡੀ ਗੱਲ ਹੈ ਕਿ ਇੱਕ ਮੁੱਖ ਮੰਤਰੀ ਖੁਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹੈ। ਭਾਰਦਵਾਜ ਨੇ ਕਿਹਾ ਕਿ ਕੱਲ੍ਹ ਤੋਂ ਹਰ ਪਾਸੇ ਇਸ ਗੱਲ ਦੀ ਚਰਚਾ ਹੋ ਰਹੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੀਆਂ ਸਾਰੀਆਂ ਜਾਂਚ ਏਜੰਸੀਆਂ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਫਸਾਉਣ ਲਈ ਜੋ ਸਾਜ਼ਿਸ਼ ਰਚੀ ਗਈ ਹੈ, ਉਨ੍ਹਾਂ ਕੇਂਦਰ ਸਰਕਾਰ ਨਾਲ ਇਕੱਲਿਆਂ ਲੜ ਕੇ ਇਹ ਸੱਚਾਈ ਦੀ ਲੜਾਈ ਜਿੱਤੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਵਾਸੀ ਸਭ ਜਾਣਦੇ ਹਨ। ਉਨ੍ਹਾਂ ਦੱਸਿਆ ਕਿ ਭਾਜਪਾ ਦੇ ਲੋਕ ਵਿਰੋਧੀ ਫੈਸਲੇ ਕਾਰਨ ਰਾਜਧਾਨੀ ਦੀ ਜਨਤਾ ਕਾਫ਼ੀ ਪ੍ਰੇਸ਼ਾਨ ਹੈ। ਉਨ੍ਹਾਂ ਮੁੱਖ ਮੰਤਰੀ ਕੇਜਰੀਵਾਲ ਦੀ ਸ਼ਲਾਘਾ ਕੀਤੀ।