ਜੋਗਿੰਦਰ ਸਿੰਘ ਓਬਰਾਏ
ਖੰਨਾ, 16 ਸਤੰਬਰ
ਇੱਥੇ ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਮੈਂਬਰਾਂ ਨੇ ਆਪਣੀਆਂ ਹੱਕੀ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ ਕਰਦਿਆਂ ਵਿੱਤ ਮੰਤਰੀ, ਕਿਰਤ ਮੰਤਰੀ ਤੇ ਬਿਜਲੀ ਮੰਤਰੀ ਦੇ ਪੁਤਲੇ ਕੀਤੇ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜ਼ਮੀਲ ਮੁਹੰਮਦ, ਮਨਪ੍ਰੀਤ ਸਿੰਘ, ਜਸਵਿੰਦਰ ਸਿੰਘ ਅਤੇ ਜਗਵਿੰਦਰ ਸਿੰਘ ਨੇ ਕਿਹਾ ਕਿ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਵਾਅਦਾ ਕਰ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਸਰਕਾਰ ਹੁਣ ਪਹਿਲੀਆਂ ਸਰਕਾਰਾਂ ਵਾਂਗ ਲਾਰਾ ਲਾਊ ਨੀਤੀ ਅਪਣਾ ਕੇ ਟੰਗ ਟਪਾ ਰਹੀ ਹੈ। ਉਨ੍ਹਾਂ ਦੱਸਿਆ ਕਿ 16 ਅਗਸਤ ਨੂੰ ਖਰੜ ਵਿੱਚ ਚੱਲ ਰਹੇ ਧਰਨੇ ਦੌਰਾਨ ਆਊਟਸੋਰਸ ਕਾਮਿਆਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਲ ਕਰਨ, ਮੌਤ ਦੇ ਮੂੰਹ ਵਿੱਚ ਪਏ ਕਾਮਿਆਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਰਾਸ਼ੀ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਪ੍ਰਬੰਧ ਕਰਨ ਆਦਿ ਮੰਗਾਂ ਦੇ ਹੱਲ ਲਈ ਪ੍ਰਸ਼ਾਸਨ ਵੱਲੋਂ 28 ਅਗਸਤ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ, ਪਰ ਉਸ ਦਿਨ ਵੀ ਵਿੱਤ ਮੰਤਰੀ ਨੇ ਮੀਟਿੰਗ ਲਈ 6 ਸਤੰਬਰ ਦਾ ਸਮਾਂ ਦੇ ਦਿੱਤਾ ਅਤੇ ਹੁਣ 15 ਸਤੰਬਰ ਦੀ ਤਰੀਕ ਮੁਲਤਵੀ ਹੋਣ ’ਤੇ ਠੇਕਾ ਕਾਮਿਆਂ ਨੇ ਭਾਰੀ ਰੋਸ ਪ੍ਰਗਟ ਕੀਤਾ। ਇਸ ਤਹਿਤ ਅੱਜ ਮੁਕੰਮਲ ਕੰਮ ਬੰਦ ਕਰਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ, ਬਿਜਲੀ ਮੰਤਰੀ ਹਰਭਜਨ ਸਿੰਘ ਅਤੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਦੇ ਪੁਤਲੇ ਸਾੜੇ ਗਏ। ਇਸ ਤੋਂ ਇਲਾਵਾ ਫੈਸਲਾ ਕੀਤਾ ਗਿਆ ਕਿ ਕੱਲ੍ਹ 17 ਸਤੰਬਰ ਤੋਂ ਮੁੜ ਖਰੜ ਵਿੱਚ ਪਰਿਵਾਰਾਂ ਸਮੇਤ ਧਰਨਾ ਆਰੰਭ ਕੀਤਾ ਜਾਵੇਗਾ। ਇਸ ਮੌਕੇ ਚਰਨਜੀਤ ਸਿੰਘ, ਤੇਜਵੰਤ ਸਿੰਘ, ਕੁਲਵੰਤ ਸਿੰਘ, ਸੰਦੀਪ ਸਿੰਘ ਤੇ ਸਵਰਨ ਸਿੰਘ ਹਾਜ਼ਰ ਸਨ।
ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਬਿਜਲੀ ਬੋਰਡ ਦੇ ਸੀ.ਐੱਚ.ਬੀ. ਮੁਲਾਜ਼ਮਾਂ ਵੱਲੋਂ ਮੰਗਾਂ ਨਾਂ ਮੰਨਣ ’ਤੇ ਸਥਾਨਕ ਦਫ਼ਤਰ ਵਿੱਚ ਧਰਨਾ ਲਾ ਕੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ ਗਿਆ। ਪ੍ਰੈੱਸ ਸਕੱਤਰ ਚਰਨਜੀਤ ਸਿੰਘ ਨੇ ਕਿਹਾ ਕਿ ਸਮੂਹ ਕਾਮਿਆਂ ਨੇ ਸਰਕਾਰ ਖਿਲਾਫ਼ ਧਰਨਾ ਦਿੱਤਾ ਅਤੇ ਪੁਤਲਾ ਫੂਕਿਆ। ਉਨ੍ਹਾਂ ਕਿਹਾ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਪ੍ਰਧਾਨ ਗੁਰਪ੍ਰੀਤ ਸਿੰਘ, ਕੈਸ਼ੀਅਰ ਗੁਰਸ਼ਰਨ ਸਿੰਘ, ਰੂਪ ਲਾਲ, ਹਰਪ੍ਰੀਤ ਸਿੰਘ, ਗੁਰਕੰਵਲ ਸਿੰਘ, ਮਨਜਿੰਦਰ ਸਿੰਘ, ਕੁਲਵਿੰਦਰ ਸਿੰਘ, ਰਹੁਲ ਪ੍ਰੀਤ ਸਿੰਘ, ਬਲਜਿੰਦਰ ਸਿੰਘ, ਗੁਰਦਰਸ਼ਨ ਸਿੰਘ, ਗੁਰਮੇਲ ਸਿੰਘ, ਜਸਵੰਤ ਸਿੰਘ ਤੇ ਸੰਜੀਵ ਕੁਮਾਰ ਆਦਿ ਹਾਜ਼ਰ ਸਨ।