ਜਗਤਾਰ ਸਿੰਘਠ ਲਾਂਬਾ
ਅੰਮ੍ਰਿਤਸਰ, 16 ਸਤੰਬਰ
ਚੀਫ ਖ਼ਾਲਸਾ ਦੀਵਾਨ ਵੱਲੋਂ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਅੱਜ ਗੁਰੂ ਅਮਰਦਾਸ ਦੇ ਜੋਤੀ ਜੋਤਿ ਦਿਵਸ ਅਤੇ ਗੁਰੂ ਰਾਮਦਾਸ ਦੇ ਗੁਰਤਾਗੱਦੀ ਦਿਵਸ ਦੇ 450 ਸਾਲ ਪੂਰੇ ਹੋਣੇ ’ਤੇ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਗੋਇੰਦਵਾਲ ਸਾਹਿਬ ਵਿਖੇ ਇੱਕ ਹੋਰ ਨਵਾਂ ਗੁਰਮਤਿ ਕਾਲਜ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ। ਦੀਵਾਨ ਦੇ ਕਾਰਜਕਾਰੀ ਆਨਰੇਰੀ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਨੇ ਕਿਹਾ ਕਿ ਦੀਵਾਨ ਵੱਲੋਂ ਸੈਂਟਰਲ ਖ਼ਾਲਸਾ ਯਤੀਮਖਾਨੇ ਵਿੱਚ ਗੁਰਮਤਿ ਕਾਲਜ ਸਫ਼ਲਤਾ ਪੂਰਵਕ ਚਲਾਇਆ ਜਾ ਰਿਹਾ ਹੈ, ਜਿਸ ਤੋਂ ਗੁਰਮਤਿ ਅਤੇ ਕੀਰਤਨ ਦੀ ਸਿੱਖਿਆ ਲੈ ਕੇ ਸਿਖਿਆਰਥੀ ਹਰਿਮੰਦਰ ਸਾਹਿਬ ਵਿਖੇ ਹਜ਼ੂਰੀ ਰਾਗੀ ਦੀਆਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਹੋਰ ਵਿਦਿਆਰਥੀ ਦੇਸ਼-ਵਿਦੇਸ਼ ਵਿੱਚ ਕੀਰਤਨ ਰਾਹੀਂ ਨਾਮਣਾ ਖੱਟ ਰਹੇ ਹਨ। ਉਨ੍ਹਾਂ ਕਿਹਾ ਕਿ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਦੇ ਆਦੇਸ਼ਾਂ ਅਨੁਸਾਰ ਦੀਵਾਨ ਵੱਲੋਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਇਕ ਹੋਰ ਨਵਾਂ ਗੁਰਮਤਿ ਕਾਲਜ ਖੋਲ੍ਹਿਆ ਜਾਵੇਗਾ। ਇਸ ਗੁਰਮਤਿ ਸਮਾਗਮ ਵਿੱਚ ਸੰਗਤੀ ਰੂਪ ’ਚ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ। ਭਾਈ ਰਜਿੰਦਰ ਸਿੰਘ ਜਾਪ, ਹਜ਼ੂਰੀ ਰਾਗੀ ਜਥੇ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀਟੀ ਰੋਡ ਦੇ ਜਥਿਆਂ ਨੇ ਕੀਰਤਨ ਕੀਤਾ। ਗਿਆਨੀ ਰਾਜਦੀਪ ਸਿੰਘ ਨੇ ਅਜੋਕੇ ਸਮੇਂ ਵਿੱਚ ਬਿਰਧ ਆਸ਼ਰਮਾਂ ਦੀ ਲਗਾਤਾਰ ਵੱਧ ਰਹੀ ਗਿਣਤੀ ’ਤੇ ਚਿੰਤਾ ਜ਼ਾਹਿਰ ਕਰਦਿਆਂ ਬੱਚਿਆਂ ਨੂੰ ਅਧਿਆਪਕਾਂ ਅਤੇ ਮਾਪਿਆਂ ਦਾ ਆਦਰ ਸਨਮਾਨ ਕਰਨ ਲਈ ਪ੍ਰੇਰਿਤ ਕੀਤਾ। ਦੀਵਾਨ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਹਰਮਨਜੀਤ ਸਿੰਘ ਅਤੇ ਤਰਲੋਚਨ ਸਿੰਘ, ਕੋਆਰਡੀਨੇਟਰ ਡਾ. ਜਸਵਿੰਦਰ ਕੌਰ ਮਾਹਲ ਵੱਲੋਂ ਗੁਰੂ ਸਾਹਿਬ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ।