ਸੰਤੋਖ ਗਿੱਲ
ਰਾਏਕੋਟ, 16 ਸਤੰਬਰ
ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਡਾਕਟਰ ਅਮਰ ਸਿੰਘ ਨੇ ਦੋਰਾਹਾ ਰੇਲਵੇ ਓਵਰਬ੍ਰਿਜ ਦੇ ਕੰਮ ਵਿੱਚ ਦੇਰੀ ਲਈ ਸੂਬਾ ਸਰਕਾਰ ਸਿਰ ਭਾਂਡਾ ਭੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਨਵੀਂ ਦਿੱਲੀ ਵਿੱਚ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਰੇਲਵੇ ਬੋਰਡ ਦੇ ਚੇਅਰਮੈਨ ਸਤੀਸ਼ ਕੁਮਾਰ ਨਾਲ ਮੁਲਾਕਾਤ ਦੌਰਾਨ ਸਾਹਮਣੇ ਆਇਆ ਕਿ ਪੰਜਾਬ ਸਰਕਾਰ ਵੱਲੋਂ ਰੇਲਵੇ ਨੂੰ ਅਨੁਮਾਨ ਅਤੇ ਹੋਰ ਸੂਚਨਾਵਾਂ ਭੇਜਣ ਵਿੱਚ ਦੇਰੀ ਹੋਈ ਹੈ, ਜਿਸ ਕਾਰਨ ਰੇਲਵੇ ਵੱਲੋਂ ਕੀਤੀ ਜਾਣ ਵਾਲੀ ਟੈਂਡਰ ਪ੍ਰਕਿਰਿਆ ਵਿੱਚ ਦੇਰੀ ਹੋਈ ਸੀ। ਰੇਲ ਮੰਤਰੀ ਨੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੂੰ ਭਰੋਸਾ ਦਿੱਤਾ ਕਿ ਰੇਲਵੇ ਵੱਲੋਂ ਟੈਂਡਰ ਹੁੰਦੇ ਹੀ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਇਹ ਵੀ ਜ਼ੋਰ ਦਿੱਤਾ ਕਿ ਪ੍ਰਾਜੈਕਟ ਨੂੰ 100 ਫ਼ੀਸਦ ਰੇਲਵੇ ਵੱਲੋਂ ਫ਼ੰਡ ਦਿੱਤਾ ਗਿਆ ਸੀ ਤਾਂ ਜੋ ਇਸ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾ ਸਕੇ। ਲੋਕ ਸਭਾ ਮੈਂਬਰ ਨੇ ਰੇਲ ਮੰਤਰੀ ਵੈਸ਼ਨਵ ਦੇ ਧਿਆਨ ਵਿੱਚ ਲਿਆਂਦਾ ਕਿ ਉਨ੍ਹਾਂ ਵੱਲੋਂ ਸੰਸਦ ਵਿੱਚ ਇਹ ਮੁੱਦਾ ਚੁੱਕਣ ਅਤੇ ਵਾਰ-ਵਾਰ ਮਿਲਣ ਤੋਂ ਬਾਅਦ 70 ਕਰੋੜ ਰੁਪਏ ਦੇ ਰੇਲਵੇ ਵੱਲੋਂ ਫ਼ੰਡ ਇਸ ਪ੍ਰਾਜੈਕਟ ਲਈ ਜਾਰੀ ਕਰਨ ਮਗਰੋਂ ਮਾਰਚ ਵਿੱਚ ਮਨਜ਼ੂਰੀ ਦਿੱਤੀ ਗਈ ਸੀ। ਉਨ੍ਹਾਂ ਮੰਤਰੀ ਨੂੰ ਦੱਸਿਆ ਕਿ ਦੋਰਾਹਾ ਰੇਲ ਕਰਾਸਿੰਗ ਦੀ ਹਾਲਤ ਬਹੁਤ ਖ਼ਰਾਬ ਹੈ ਅਤੇ ਸੜਕਾਂ ’ਤੇ ਇਸ ਕਾਰਨ ਜਾਮ ਲਗਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਸ਼ੁਰੂ ਕਰਨ ਵਿੱਚ ਦੇਰੀ ਹੋਣ ਨਾਲ ਆਮ ਨਾਗਰਿਕਾਂ ਨੂੰ ਆ ਰਹੀਆਂ ਮੁਸ਼ਕਲਾਂ ਵਧ ਰਹੀਆਂ ਹਨ।