ਨਵੀਂ ਦਿੱਲੀ, 17 ਸਤੰਬਰ
ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਬੀਬੀ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੌਜੂਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਪਾਰਟੀ ਨੇ ਮੰਗਲਵਾਰ ਨੂੰ ਸਰਬਸੰਮਤੀ ਨਾਲ ਕੇਜਰੀਵਾਲ ਦੇ ਜਾਨਸ਼ੀਨ ਵਜੋਂ ਆਤਿਸ਼ੀ ਦੇ ਨਾਂ ਉਤੇ ਸਹਿਮਤੀ ਪ੍ਰਗਟਾਈ ਹੈ। ਦੱਸਣਯੋਗ ਹੈ ਕਿ ਆਤਿਸ਼ੀ ਪਾਰਟੀ ਦੇ ਨਾਲ-ਨਾਲ ਸਰਕਾਰ ਦਾ ਮੁੱਖ ਚਿਹਰਾ ਹਨ।
ਦਿੱਲੀ ਦੇ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਗੋਪਾਲ ਰਾਏ ਨੇ ਦੱਸਿਆ ਕਿ ਕੇਜਰੀਵਾਲ ਵੱਲੋਂ ਮੰਗਲਵਾਰ ਸ਼ਾਮ ਅਹੁਦੇ ਤੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ‘ਆਪ’ ਵੱਲੋਂ ਆਤਿਸ਼ੀ ਦੀ ਅਗਵਾਈ ਹੇਠ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਕੇਜਰੀਵਾਲ ਦੀ ਰਿਹਾਇਸ਼ ਉਤੇ ਹੋਈ ‘ਆਪ’ ਦੇ ਵਿਧਾਇਕ ਦਲ ਦੀ ਮੀਟਿੰਗ ਵਿਚ ਕੇਜਰੀਵਾਲ ਵੱਲੋਂ ਆਪਣੇ ਜਾਨਸ਼ੀਨ ਵਜੋਂ ਆਤਿਸ਼ੀ ਨੂੰ ਚੁਣੇ ਜਾਣ ਦੀ ਪੇਸ਼ ਕੀਤੀ ਗਈ ਤਜਵੀਜ਼ ਨੂੰ ਸਰਬਸੰਮਤੀ ਨਾਲ ਮਨਜ਼ੂਰ ਕਰ ਲਿਆ ਗਿਆ।
ਗੋਪਾਲ ਰਾਏ, ਜੋ ‘ਆਪ’ ਦੀ ਦਿੱਲੀ ਇਕਾਈ ਦੇ ਕਨਵੀਨਰ ਵੀ ਹਨ, ਨੇ ਕਿਹਾ ਕਿ ਨਵੀਂ ਕੈਬਨਿਟ ਵਿਚ ਸ਼ਾਮਲ ਕੀਤੇ ਜਾਣ ਵਾਲੀ ਮੰਤਰੀਆਂ ਬਾਰੇ ਫ਼ੈਸਲਾ ਬਾਅਦ ਵਿਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਵੱਲੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ‘ਆਪ’ ਵਿਧਾਇਕਾਂ ਦਾ ਇਕ ਵਫ਼ਦ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਮਿਲ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰੇਗਾ। -ਪੀਟੀਆਈ