ਮਿਹਰ ਸਿੰਘ
ਕੁਰਾਲੀ, 17 ਸਤੰਬਰ
ਪੀਐੱਮਏਵਾਈ ਸਕੀਮ ਤਹਿਤ ਅੱਜ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਬਲਾਕ ਮਾਜਰੀ ’ਚ 100 ਲਾਭਪਾਤਰੀਆਂ ਨੂੰ ਪੱਕੇ ਘਰ ਬਣਾਉਣ ਲਈ 1.20 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਅਤੇ 11 ਪਿੰਡਾਂ ਨੂੰ ਵਿਕਾਸ ਦੇ ਕੰਮਾਂ ਲਈ 22 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਵੰਡੇ।
ਇਸ ਮੌਕੇ ਸ੍ਰੀਮਤੀ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਮਾਨਦਾਰੀ ਨਾਲ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੇ ਭਲੇ ਲਈ ਚਲਾਈਆਂ ਗਈਆਂ ਸਾਰੀਆਂ ਸਕੀਮਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪਹੁੰਚਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਸੂਬੇ ਦੇ ਵਿਕਾਸ ਲਈ ਫੰਡਾਂ ਨੂੰ ਰੋਕਿਆ ਗਿਆ ਹੈ ਪਰ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਪੰਚਾਇਤੀ ਚੋਣਾਂ ਦੌਰਾਨ ਇਮਾਨਦਾਰ ਅਤੇ ਸਮਰਪਿਤ ਨੁਮਾਇੰਦੇ ਚੁਣਨ ਦਾ ਸੱਦਾ ਦਿੱਤਾ।
ਇਸ ਮੌਕੇ ਐੱਸਡੀਐਮ ਖਰੜ ਗੁਰਮੰਦਰ ਸਿੰਘ, ਬੀਡੀਪੀਓ ਮਾਜਰੀ ਗੁਰਮਿੰਦਰ ਸਿੰਘ, ਮਾਰਕਿਟ ਕਮੇਟੀ ਕੁਰਾਲੀ ਦੇ ਚੇਅਰਮੈਨ ਰਾਣਾ ਹਰੀਸ਼ ਕੁਮਾਰ, ਸਰਪੰਚ ਗੁਰਿੰਦਰ ਸਿੰਘ ਖਿਜ਼ਰਬਾਦ, ‘ਆਪ’ ਆਗੂ ਰਾਣਾ ਕੁਸ਼ਲਪਾਲ ਆਦਿ ਹਾਜ਼ਰ ਸਨ।