ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 17 ਸਤੰਬਰ
ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਨਗਰ ਨਿਗਮ ਦੇ ਸੁਵਿਧਾ ਕੇਂਦਰਾਂ ਵਿੱਚ ਵੱਡੀ ਗਿਣਤੀ ਵਿੱਚ ਵਸਨੀਕਾਂ ਦੇ ਆਉਣ ਦੇ ਮੱਦੇਨਜ਼ਰ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਨਗਰ ਨਿਗਮ ਜ਼ੋਨ ਡੀ ਦਫ਼ਤਰ ਦੇ ਸੁਵਿਧਾ ਕੇਂਦਰ ਦਾ ਨਿਰੀਖਣ ਕੀਤਾ। ਨਿਗਮ ਕਮਿਸ਼ਨਰ ਡੇਚਲਵਾਲ ਨੇ ਸੁਵਿਧਾ ਕੇਂਦਰ ਵਿੱਚ ਤਾਇਨਾਤ ਸਟਾਫ਼ ਅਤੇ ਆਏ ਹੋਏ ਵਸਨੀਕਾਂ ਨਾਲ ਗੱਲਬਾਤ ਕੀਤੀ ਤਾਂ ਜੋ ਬਕਾਇਆ ਜਮ੍ਹਾਂ ਕਰਵਾਉਣ ਸਮੇਂ ਵਸਨੀਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਵੀ ਮੌਜੂਦ ਸਨ। ਨਗਰ ਨਿਗਮ ਦੇ ਸੁਵਿਧਾ ਕੇਂਦਰਾਂ ’ਤੇ ਵਸਨੀਕਾਂ ਦੀ ਭੀੜ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਚਾਲੂ ਵਿੱਤੀ ਸਾਲ ਲਈ ਪ੍ਰਾਪਰਟੀ ਟੈਕਸ ਦੇ ਭੁਗਤਾਨ ’ਤੇ 10 ਫੀਸਦੀ ਛੋਟ ਪ੍ਰਾਪਤ ਕਰਨ ਲਈ 30 ਸਤੰਬਰ ਆਖਰੀ ਮਿਤੀ ਹੈ। ਸ੍ਰੀ ਡੇਚਲਵਾਲ ਨੇ ਸ਼ਹਿਰ ਵਾਸੀਆਂ ਨੂੰ ਛੋਟ ਦਾ ਲਾਭ ਲੈਣ ਲਈ ਸਮੇਂ ਸਿਰ ਬਕਾਇਆ ਟੈਕਸ ਜਮ੍ਹਾਂ ਕਰਵਾਉਣ ਦੀ ਅਪੀਲ ਵੀ ਕੀਤੀ। ਲੰਬੀਆਂ ਕਤਾਰਾਂ ਤੋਂ ਬਚਣ ਲਈ ਵਸਨੀਕ ਨਗਰ ਨਿਗਮ ਦੀ ਵੈਬਸਾਈਟ ’ਤੇ ਜਾ ਕੇ ਆਨਲਾਈਨ ਟੈਕਸ ਦਾ ਭੁਗਤਾਨ ਵੀ ਕਰ ਸਕਦੇ ਹਨ। ਇਸ ਦੌਰਾਨ ਸ੍ਰੀ ਡੇਚਲਵਾਲ ਨੇ ਵਸਨੀਕਾਂ ਨੂੰ ਮੁਸ਼ਕਲ ਰਹਿਤ ਸੇਵਾਵਾਂ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰ ਵਾਸੀਆਂ ਨਾਲ ‘ਪਹਿਲਾਂ ਆਓ, ਪਹਿਲਾਂ ਪਾਓ’ ਦੇ ਆਧਾਰ ’ਤੇ ਪੇਸ਼ ਆਉਣ ਅਤੇ ਇਹ ਯਕੀਨੀ ਬਣਾਉਣ ਕਿ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।