ਜਸਬੀਰ ਸਿੰਘ ਚਾਨਾ
ਫਗਵਾੜਾ, 17 ਸਤੰਬਰ
ਗੰਨਾ ਮਿੱਲ ਵੱਲ ਬਕਾਇਆ ਰਾਸ਼ੀ ਦੀ ਮੰਗ ਲੈ ਕੇ ਕਿਸਾਨਾਂ ਵੱਲੋਂ 19 ਸਤੰਬਰ ਤੋਂ ਫਗਵਾੜਾ ਵਿੱਚ ਵੱਡੀ ਪੱਧਰ ’ਤੇ ਸੰਘਰਸ਼ ਕੀਤਾ ਜਾਵੇਗਾ।
ਇਹ ਫ਼ੈਸਲਾ ਅੱਜ ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਵਿੱਚ ਪ੍ਰਧਾਨ ਮਨਜੀਤ ਸਿੰਘ ਰਾਏ ਤੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕੀਤਾ ਗਿਆ।
ਇਸ ਦੌਰਾਨ ਉਨ੍ਹਾਂ ਦੱਸਿਆ ਕਿ ਫਗਵਾੜਾ ਦੀ ਸ਼ੂਗਰ ਮਿੱਲ ਵੱਲ ਕਿਸਾਨਾਂ ਦਾ ਕਰੀਬ 4-5 ਸਾਲ ਦਾ ਬਕਾਇਆ ਹੈ ਤੇ ਇਸ ਸਬੰਧ ’ਚ ਪਹਿਲਾਂ ਵੀ ਪ੍ਰਸ਼ਾਸਨ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਤੇ ਸਰਕਾਰ ਨੇ ਅਪਰੈਲ ਤੱਕ ਇਸ ਦਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਸੀ। ਇਸ ਦੇ ਰੋਸ ਵਜੋਂ ਕਿਸਾਨਾਂ 19 ਸਤੰਬਰ ਤੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਉਨ੍ਹਾਂ ਕਿਸਾਨਾਂ ਨੂੰ ਸਵੇਰੇ 9 ਵਜੇ ਦਾਣਾ ਮੰਡੀ ਵਿੱਚ ਇਕੱਠੇ ਹੋਣ ਦੀ ਅਪੀਲ ਕੀਤੀ ਅਤੇ ਉੱਥੋਂ ਕਾਫ਼ਲੇ ਦੇ ਰੂਪ ’ਚ ਚੱਲ ਕੇ ਕਿਸਾਨ ਆਪਣਾ ਧਰਨਾ ਦੇਣਗੇ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਹਰਿਆਣਾ ਚੋਣਾਂ ਨੂੰ ਲੈ ਕੇ ਪਿੱਪਲੀ ਵਿੱਚ ਹੋਣ ਵਾਲੇ ਇਕੱਠ ’ਚ ਵੀ ਸ਼ਮੂਲੀਅਤ ਕਰਨ ਲਈ ਕਿਸਾਨ 22 ਸਤੰਬਰ ਨੂੰ ਸਵੇਰੇ 7 ਵਜੇ ਲਾਡੋਵਾਲ ਟੌਲ ਪਲਾਜ਼ਾ ਤੋਂ ਰਵਾਨਾ ਹੋਣਗੇ।