ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 17 ਸਤੰਬਰ
ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਦੇ ਸ਼ਤਾਬਦੀ ਸਮਾਗਮਾਂ ਤਹਿਤ ਅੱਜ ਗੁਰਦੁਆਰਾ ਸ੍ਰੀ ਤਪਿਆਣਾ ਸਾਹਿਬ ਸ੍ਰੀ ਖਡੂਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਤੱਕ ਪੁਰਾਤਨ ਸਿੱਖ ਰਵਾਇਤਾਂ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ। ਇਸ ਵਿੱਚ ਤਖ਼ਤਾਂ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਮੂਲੀਅਤ ਕੀਤੀ। ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੌਰਾਨ ਸੰਗਤ ਪੈਦਲ ਚੱਲ ਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਪੁੱਜੀ। ਨਗਰ ਕੀਰਤਨ ਵਿੱਚ ਨਿਹੰਗ ਸਿੰਘ ਦਲਾਂ ਨੇ ਹਾਥੀ, ਘੋੜੇ ਅਤੇ ਊਠਾਂ ਨਾਲ ਸ਼ਮੂਲੀਅਤ ਕੀਤੀ।
ਇਸ ਦੌਰਾਨ ਸਕੂਲਾਂ ਕਾਲਜਾਂ ਦੀਆਂ ਬੈਂਡ ਪਾਰਟੀਆਂ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਅਮਰਦਾਸ ਜੀ ਦੇ ਸਹਿਜ, ਸੇਵਾ, ਸਮਰਪਣ ਅਤੇ ਦ੍ਰਿੜ੍ਹਤਾ ਵਾਲੇ ਜੀਵਨ ਦੀ ਵਡਿਆਈ ਕਰਦਿਆਂ ਦੱਸਿਆ ਕਿ ਤੀਸਰੇ ਪਾਤਸ਼ਾਹ ਨੇ ਗੁਰਤਾਗੱਦੀ ’ਤੇ ਬਿਰਾਜਮਾਨ ਹੋਣ ਤੋਂ ਪਹਿਲਾਂ ਕਈ ਸਾਲ ਗੁਰੂ ਅੰਗਦ ਦੇਵ ਜੀ ਦੀ ਨਿਰੰਤਰ ਸੇਵਾ ਕੀਤੀ ਅਤੇ ਰੋਜ਼ਾਨਾ ਖਡੂਰ ਸਾਹਿਬ ਤੋਂ ਗੋਇੰਦਵਾਲ ਸਾਹਿਬ ਜਾ ਕੇ ਬਿਆਸ ਦਰਿਆ ਤੋਂ ਪਾਣੀ ਦੀ ਗਾਗਰ ਲਿਆ ਕੇ ਇਸ਼ਨਾਨ ਦੀ ਸੇਵਾ ਕਰਦੇ ਰਹੇ। ਉਨ੍ਹਾਂ ਕਿਹਾ ਕਿ ਗੁਰੂ ਅਮਰਦਾਸ ਜੀ ਦੀ ਸੇਵਾ ਘਾਲਣਾ ਨੂੰ ਸਮਰਪਿਤ ਅੱਜ ਦਾ ਇਹ ਨਗਰ ਕੀਰਤਨ ਸੰਗਤਾਂ ਅੰਦਰ ਗੁਰੂ ਸਾਹਿਬ ਪ੍ਰਤੀ ਪ੍ਰੇਮ ਭਾਵਨਾ ਪੈਦਾ ਕਰੇਗਾ। ਉਨ੍ਹਾਂ ਕਿਹਾ ਕਿ ਸ਼ਤਾਬਦੀ ਦੇ ਸਮਾਗਮ ਸਾਡੇ ਸਮਿਆਂ ਅੰਦਰ ਮਨਾਉਣ ਦਾ ਮੌਕਾ ਮਿਲਣਾ ਸਾਡੀ ਖੁਸ਼ਕਿਸਮਤੀ ਹੈ। ਇਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਦਲ ਪੰਥ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਦੇ ਮੁਖੀ ਬਾਬਾ ਜੋਗਾ ਸਿੰਘ, ਆਦਿ ਸ਼ਾਮਲ ਸਨ।
ਅਖੰਡ ਪਾਠ ਦੇ ਭੋਗ ਮਗਰੋਂ ਮੁੱਖ ਸ਼ਤਾਬਦੀ ਸਮਾਗਮ ਅੱਜ
ਸ੍ਰੀ ਗੋਇੰਦਵਾਲ ਸਾਹਿਬ ਵਿੱਚ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸਬੰਧੀ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਦੀਵਾਨ ਹਾਲ ਵਿੱਚ ਲਗਾਤਾਰ ਗੁਰਮਤਿ ਸਮਾਗਮ ਜਾਰੀ ਰਹੇ। ਵੱਖ-ਵੱਖ ਢਾਡੀ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰ ਇਤਿਹਾਸ ਨਾਲ ਜੋੜਿਆ ਅਤੇ ਕਵੀ ਦਰਬਾਰ ਵਿੱਚ ਪੰਥਕ ਕਵੀਆਂ ਨੇ ਗੁਰੂ ਜੀ ਦੇ ਜੀਵਨ ਇਤਿਹਾਸ ਸਬੰਧੀ ਕਵਿਤਾਵਾਂ ਪੇਸ਼ ਕੀਤੀਆਂ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ 18 ਸਤੰਬਰ ਨੂੰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਮਗਰੋਂ ਸ਼ਤਾਬਦੀ ਦਾ ਮੁੱਖ ਸਮਾਗਮ ਹੋਵੇਗਾ। ਇਸ ਵਿੱਚ ਸਿੱਖ ਪੰਥ ਦੀਆਂ ਅਹਿਮ ਸ਼ਖ਼ਸੀਅਤਾਂ ਗੁਰੂ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨਗੀਆਂ।