ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਸਤੰਬਰ
ਯੂਥ ਅਕਾਲੀ ਦਲ ਵੱਲੋਂ ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਬਰਖ਼ਾਸਤ ਕਰਨ ਅਤੇ ਉਨ੍ਹਾਂ ਦੀ ਪਤਨੀ ਨੂੰ ਮੁਅੱਤਲ ਕਰਨ ਦੀ ਮੰਗ ਲਈ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ। ਚੰਡੀਗੜ੍ਹ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਕਾਫੀ ਦੂਰੀ ’ਤੇ ਹੀ ਰੋਕ ਦਿੱਤਾ। ਇਸ ਦੌਰਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਪ੍ਰਦਰਸ਼ਨਕਾਰੀਆਂ ਤੇ ਪੁਲੀਸ ਵਿਚਾਲੇ ਖਿੱਚ-ਧੂਹ ਹੋਈ। ਉਸ ਤੋਂ ਬਾਅਦ ਚੰਡੀਗੜ੍ਹ ਪੁਲੀਸ ਨੇ ਦਰਜਨਾਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜਿਨ੍ਹਾਂ ਨੂੰ ਸ਼ਾਮ ਸਮੇਂ ਛੱਡ ਦਿੱਤਾ ਗਿਆ। ਸ੍ਰੀ ਝਿੰਜਰ ਨੇ ਕਿਹਾ ਕਿ ਪੰਜਾਬ ਵਿੱਚ ਕਥਿਤ ਤੌਰ ’ਤੇ ਹੋਏ 100 ਕਰੋੜ ਰੁਪਏ ਦੇ ਸਾਈਬਰ ਘੁਟਾਲੇ ਦੀ ਜਾਂਚ ਲਈ ਬਣਾਈ ਗਈ ਐੱਸਆਈਟੀ ’ਤੇ ਪਹਿਲੇ ਦਿਨ ਤੋਂ ਸਵਾਲ ਉੱਠ ਰਹੇ ਹਨ। ਇਹ ਐੱਸਆਈਟੀ ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਉਨ੍ਹਾਂ ਦੀ ਪਤਨੀ ’ਤੇ ਲੱਗੇ ਦੋਸ਼ਾਂ ਦੀ ਸਹੀ ਢੰਗ ਨਾਲ ਜਾਂਚ ਨਹੀਂ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਕੋਈ ਵੀ ਪੁਲੀਸ ਅਧਿਕਾਰੀ ਮੰਤਰੀ ਦੀ ਭੂਮਿਕਾ ਦੀ ਜਾਂਚ ਨਹੀਂ ਕਰ ਸਕਦਾ। ਯੂਥ ਅਕਾਲੀ ਦਲ ਦੇ ਆਗੂਆਂ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਹਾਈ ਕੋਰਟ ਦੀ ਨਿਗਰਾਨੀ ਹੇਠ ਉਕਤ ਮਾਮਲੇ ਦੀ ਜਾਂਚ ਕਰਵਾਏ। ਇਸ ਤੋਂ ਇਲਾਵਾ ਇਹ ਜਾਂਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਸੌਂਪਣੀ ਚਾਹੀਦੀ ਹੈ ਤਾਂ ਜੋ ਮਨੀ ਲਾਂਡਰਿੰਗ ਦੇ ਦੋਸ਼ਾਂ ਦੀ ਸਹੀ ਜਾਂਚ ਹੋ ਸਕੇ।
ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਦੋਸ਼ ਲਗਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਓਵਰਡੋਜ਼ ਕਰ ਕੇ ਰੋਜ਼ਾਨਾ ਨੌਜਵਾਨ ਮੌਤ ਦੇ ਮੂੰਹ ’ਚ ਜਾ ਰਹੇ ਹਨ ਪਰ ਸੂਬੇ ਦੇ ਕੈਬਨਿਟ ਮੰਤਰੀ ਤੇ ਵਿਧਾਇਕ ਨਸ਼ਾ ਮਾਫੀਆ ਦੇ ਨਾਲ ਰਲ ਕੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।