ਖੇਤਰੀ ਪ੍ਰਤੀਨਿਧ
ਪਟਿਆਲਾ, 17 ਸਤੰਬਰ
‘ਸਵੱਛਤਾ ਹੀ ਸੇਵਾ’ ਮੁਹਿੰਮ ਬਾਰੇ ਜਾਗਰੂਕ ਕਰਨ ਲਈ ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੈਰਾਥਨ ਕਰਵਾਈ ਗਈ ਜਿਸ ਨੂੰ ਰਵਾਨਾ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਿਦਿਆਰਥੀਆਂ ਤੇ ਆਮ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਆਪਣੇ ਘਰਾਂ ਤੋਂ ਕਰਨ। ਉਨ੍ਹਾਂ ਕਿਹਾ ਕਿ ਆਪਣੇ ਘਰਾਂ ਤੋਂ ਸਫ਼ਾਈ ਮੁਹਿੰਮ ਸ਼ੁਰੂ ਕਰਨ ਨਾਲ ਹੀ ਸ਼ਹਿਰ, ਜ਼ਿਲ੍ਹਾ, ਰਾਜ ਅਤੇ ਦੇਸ਼ ਨੂੰ ਸਾਫ਼ ਸੁਥਰਾ ਰੱਖਿਆ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਵਾਤਾਵਰਣ ਬਚਾਉਣ ਲਈ ਪੋਲੀਥੀਨ ਲਿਫ਼ਾਫਿਆਂ ਦੀ ਥਾਂ ਕੱਪੜੇ ਜਾਂ ਜੂਟ ਦੇ ਬੈਗ ਅਤੇ ਝੋਲਿਆਂ ਦੀ ਵਰਤੋਂ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਬੱਚਿਆਂ ਨੂੰ ਡੇਂਗੂ ਤੋਂ ਬਚਣ ਤੇ ਬਚਾਉਣ ਲਈ ਸਫ਼ਾਈ ਰੱਖਣ, ਖਾਸ ਕਰਕੇ ਸਾਫ਼ ਘਰਾਂ ਅਤੇ ਦਫਤਰਾਂ ਆਦਿ ਦੇ ਨੇੜੇ ਪਾਣੀ ਨਾ ਖੜ੍ਹਨ ਦੇਣ ਦਾ ਸੱਦਾ ਵੀ ਦਿੱਤਾ ਤਾਂ ਜੋ ਡੇਂਗੂ ਦਾ ਲਾਰਵਾ ਪੈਦਾ ਹੀ ਨਾ ਹੋ ਸਕੇੇ। ਸਿਹਤ ਮੰਤਰੀ ਨੇ ਦੱਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ ਮਹਾਤਮਾ ਗਾਂਧੀ ਜੈਅੰਤੀ 2 ਅਕਤੂਬਰ ਤੱਕ ਚਲੇਗੀ ਅਤੇ ਇਸ ਪੰਦਰਵਾੜੇ ਦੌਰਾਨ ਸਫ਼ਾਈ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਵੱਛਤਾ ਦਾ ਮਨੁੱਖੀ ਜੀਵਨ ਨੂੰ ਤੰਦਰੁਸਤ ਰੱਖਣ ਵਿੱਚ ਵੱਡਾ ਯੋਗਦਾਨ ਹੈ। ਇਸ ਲਈ ਹਰੇਕ ਨਾਗਰਿਕ ਸਵੱਛਤਾ ਮੁਹਿੰਮ ਦਾ ਹਿੱਸਾ ਜ਼ਰੂਰ ਬਣੇ। ਉਨ੍ਹਾਂ ਗਿੱਲੇ ਤੇ ਸੁੱਕੇ ਕੂੜੇ ਬਾਰੇ ਵੀ ਜਾਗਰੂਕ ਕੀਤਾ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਅਤੇ ਏਡੀਸੀ (ਜ) ਕੰਚਨ ਆਦਿ ਮੌਜੂਦ ਸਨ।