ਸੰਜੀਵ ਹਾਂਡਾ
ਫ਼ਿਰੋਜ਼ਪੁਰ, 17 ਸਤੰਬਰ
ਫ਼ੈਡਰੇਸ਼ਨ ਆੜ੍ਹਤੀਆ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਖਰੀਦ ਦਾ ਬਾਈਕਾਟ ਕਰਕੇ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਆੜ੍ਹਤੀਆਂ ਦੀ ਜਥੇਬੰਦੀ ਨੂੰ ਸਮਰਥਨ ਦੇਣ ਲਈ ਹੁਣ ਮਜ਼ਦੂਰ ਯੂਨੀਅਨ ਵੀ ਅੱਗੇ ਆ ਗਈ ਹੈ। ਹਾਲਾਂਕਿ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਆੜ੍ਹਤੀਆਂ ਨੂੰ 20 ਸਤੰਬਰ ਨੂੰ ਦਿੱਲੀ ਵਿੱਚ ਮੀਟਿੰਗ ਕਰਨ ਦਾ ਸੱਦਾ ਦਿੱਤਾ ਗਿਆ ਹੈ। ਦੋਵਾਂ ਜਥੇਬੰਦੀਆਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਤੇ ਕੇਂਦਰ ਸਰਕਾਰ ਨੇ ਜਥੇਬੰਦੀਆਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਆਉਣ ਵਾਲੇ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਹੀਂ ਕਰਨਗੀਆਂ।
ਅੱਜ ਇਥੇ ਫ਼ਿਰੋਜ਼ਪੁਰ ਪ੍ਰੈੱਸ ਕਲੱਬ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫ਼ੈਡਰੇਸ਼ਨ ਆੜ੍ਹਤੀਆ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਵਿਜੇ ਕਾਲੜਾ ਨੇ ਕਿਹਾ ਕਿ ਪੰਜਾਬ ਤੇ ਕੇਂਦਰ ਦੀ ਸਰਕਾਰ ਪੰਜਾਬ ਵਿਚੋਂ ਆੜ੍ਹਤੀਆਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਆਖਿਆ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਕਈ ਵਾਰ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗਾਂ ਕਰ ਚੁੱਕੇ ਹਨ ਪਰ ਸਰਕਾਰ ਵੱਲੋਂ ਟਾਲਮਟੋਲ ਵਾਲੀ ਨੀਤੀ ਅਪਣਾਈ ਜਾ ਰਹੀ ਹੈ। ਮਜ਼ਦੂਰ ਯੂਨੀਅਨ ਦੇ ਪੰਜਾਬ ਪ੍ਰਧਾਨ ਰਾਕੇਸ਼ ਤੁੱਲੀ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਵੱਲੋਂ ਪੰਜਾਬ ਦੇ ਮਜ਼ਦੂਰਾਂ ਨੂੰ ਪੂਰੀ ਮਜ਼ਦੂਰੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਹਰਿਆਣਾ ਵਿਚ ਮਜ਼ਦੂਰਾਂ ਨੂੰ 18 ਰੁਪਏ 70 ਪੈਸੇ ਪ੍ਰਤੀ ਬੋਰੀ ਮਿਲਦੇ ਹਨ, ਉਥੇ ਪੰਜਾਬ ਸਰਕਾਰ ਵੱਲੋਂ 16 ਰੁਪਏ 10 ਦਸ ਪੈਸੇ ਦਿੱਤੇ ਜਾਂਦੇ ਹਨ। ਉਨ੍ਹਾਂ ਆਖਿਆ ਕਿ ਮਜ਼ਦੂਰ ਅਨਾਜ ਮੰਡੀਆਂ ਵਿਚ ਸਖ਼ਤ ਮਿਹਨਤ ਕਰਕੇ ਅਨਾਜ ਦੀ ਖਰੀਦ ਨੂੰ ਮੁਕੰਮਲ ਕਰਵਾਉਂਦਾ ਹੈ।
ਆੜ੍ਹਤੀਆ ਐਸੋਸੀਏਸ਼ਨ ਦੀ ਹੜਤਾਲ ਦਾ ਸਮਰਥਨ
ਤਪਾ ਮੰਡੀ (ਪੱਤਰ ਪ੍ਰੇਰਕ): ਆੜ੍ਹਤੀਆ ਐਸੋਸੀਏਸ਼ਨ ਤਪਾ ਦੇ ਪ੍ਰਧਾਨ ਸੁਰੇਸ਼ ਕੁਮਾਰ ਕਾਲਾ ਦੀ ਅਗਵਾਈ ਹੇਠ ਆੜ੍ਹਤੀਆਂ ਦੀ ਮੀਟਿੰਗ ਹੋਈ ਜਿਸ ’ਚ ਫੈਸਲਾ ਕੀਤਾ ਗਿਆ ਕਿ ਪੰਜਾਬ ’ਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਖ਼ਰੀਦ ਨਹੀਂ ਕੀਤੀ ਜਾਵੇਗੀ। ਪ੍ਰਧਾਨ ਨੇ ਕਿਹਾ ਕਿ ਲੰਘੇ ਸਾਲ ਜੀਰੀ ਵਿੱਚ ਨਮੀ ਜ਼ਿਆਦਾ ਹੋਣ, ਚੌਲ ਘੱਟ ਮਿਕਦਾਰ ’ਚ ਨਿਕਲਣ ਅਤੇ ਸ਼ੈੱਲਰ ਮਾਲਕਾਂ ਨੂੰ ਐਫਸੀਆਈ ਨੂੰ ਚੌਲ ਦੇਣ ਸਮੇਂ ਹਰ ਸਟੇਸ਼ਨ ’ਤੇ ਸਪੇਸ ਦੀ ਕਮੀ ਸੀ ਜਿਸ ਕਰਕੇ ਸ਼ੈਲਰ ਮਾਲਕਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ। ਇਸ ਲਈ ਆੜ੍ਹਤੀਆਂ ਨੇ 1 ਅਕਤੂਬਰ ਤੋਂ ਅਣਮਿਥੇ ਸਮੇਂ ਦੀ ਹੜਤਾਲ ’ਤੇ ਜਾਣ ਦਾ ਫੈਸਲਾ ਕੀਤਾ ਹੈ।