ਪੱਤਰ ਪ੍ਰੇਰਕ
ਮਾਨਸਾ, 19 ਸਤੰਬਰ
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਐੱਚਐੱਸ ਗਰੇਵਾਲ ਅਤੇ ਚੀਫ਼ ਜੁਡੀਸ਼ਲ ਮੈਜਿਸਟਰੇਟ ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਏਡੀਆਰ ਸੈਂਟਰ ਮਾਨਸਾ ਵਿਖੇ ਪੁਲੀਸ ਸਾਂਝ ਕੇਂਦਰ ਦੇ ਇੰਚਾਰਜਾਂ ਲਈ ਜਾਗਰੂਕਤਾ ਕੈਂਪ ਲਾਇਆ ਗਿਆ, ਜਿਸ ਵਿੱਚ ਜ਼ਿਲ੍ਹੇ ਦੇ ਸਾਰੇ ਸਾਂਝ ਕੇਂਦਰ ਇੰਚਾਰਜ ਸ਼ਾਮਲ ਹੋਏ। ਸੀਨੀਅਰ ਐਡਵੋਕੇਟ ਬਲਵੰਤ ਭਾਟੀਆ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਬੱਚਿਆਂ ਦੀ ਜਿਨਸੀ ਸ਼ੋਸ਼ਣ ਤੋਂ ਸੁਰੱਖਿਆ ਬਹੁਤ ਮਹੱਤਵਪੂਰਨ ਮਾਮਲਾ ਹੈ, ਜਿਸ ਲਈ ਸਾਰਿਆਂ ਨੂੰ ਸੰਵੇਦਨਸ਼ੀਲ ਹੋਣ ਦੀ ਲੋੜ ਹੈ। ਉਨ੍ਹਾਂ ਬੱਚਿਆਂ ਦੀ ਯੋਨ ਸ਼ੋਸ਼ਣ ਤੋਂ ਸੁਰੱਖਿਆ ਲਈ ਬਣਾਏ ਗਏ ਸਖ਼ਤ ਕਾਨੂੰਨ ਪੋਕਸੋ-2012 ਅਤੇ ਅਮੈਂਡਮੈਂਟ ਐਕਟ-2012 ਦੀਆਂ ਵੱਖ-ਵੱਖ ਧਾਰਾਵਾਂ ਬਾਰੇ ਵਿਸਥਾਰ ਸਹਿਤ ਚਰਚਾ ਕਰਦਿਆਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨਾਲ ਛੇੜ-ਛਾੜ ਕਰਨਾ, ਰਾਹ ਰੋਕਣਾ, ਗਲਤ ਇਸ਼ਾਰੇ ਕਰਨ, ਅਸ਼ਲੀਲ ਵਸਤਾਂ ਵਿਖਾਉਣਾ ਆਦਿ ਮਾਮਲਿਆਂ ’ਚ ਸਖ਼ਤ ਸਜ਼ਾਵਾਂ ਦੀ ਵਿਵਸਥਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਮਾਮਲੇ ਦੀ ਸੰਗੀਨਤਾ ਨੂੰ ਸਮਝਣ ਅਤੇ ਸ਼ੋਸ਼ਣ ਦਾ ਸ਼ਿਕਾਰ ਕੋਈ ਵੀ ਬੱਚਾ ਇਨਸਾਫ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਅਤੇ ਪੀੜਤ ਲੋੜ ਵੇਲੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਕਿਸੇ ਵੇਲੇ ਵੀ ਸੰਪਰਕ ਕਰ ਸਕਦੇ ਹਨ।