ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 20 ਸਤੰਬਰ
ਖ਼ਾਲਸਾ ਕਾਲਜ ਨੇ ਲਗਾਤਾਰ ਚੌਥੀ ਵਾਰ ਪੁਰਸ਼ ਖੇਡਾਂ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ‘ਓਵਰਆਲ ਜਨਰਲ ਚੈਂਪੀਅਨਸ਼ਿਪ ਟਰਾਫੀ- 2023-24’ ਜਿੱਤੀ ਹੈ ਜਿਸ ਸਬੰਧੀ ਕਾਲਜ ਨੂੰ ਅਧਿਕਾਰਤ ਪੱਤਰ ਮਿਲੇਗਾ। ਇਸ ਮੌਕੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਉਕਤ ਉਪਲਬੱਧੀ ਸਬੰਧੀ ਵਧਾਈ ਦਿੱਤੀ ਅਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੇਖ‐ਰੇਖ ’ਚ ਕਾਲਜ ਨਵੇਂ ਕੀਰਤੀਮਾਨ ਸਥਾਪਤ ਕਰ ਰਿਹਾ ਹੈ। ਉਨ੍ਹਾਂ ਖੇਡ ਵਿਭਾਗ ਦੇ ਮੁਖੀ ਡਾ. ਦਲਜੀਤ ਸਿੰਘ ਤੇ ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਕਰਵਾਏ ਜਾਂਦੇ ਅਭਿਆਸ ਦੀ ਵੀ ਪ੍ਰਸ਼ੰਸਾ ਕੀਤੀ। ਇਸ ਮੌਕੇ ਪ੍ਰਿੰ. ਡਾ. ਮਹਿਲ ਸਿੰਘ ਨੇ ਦੱਸਿਆ ਕਿ ਉਕਤ ਚੈਂਪੀਅਨਸ਼ਿਪ ’ਚ ਪੂਰੇ ਭਾਰਤ ’ਚੋਂ ਵੱਖ-ਵੱਖ 400 ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਸੀ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਨੇ ਉਕਤ ਮੁਕਾਬਲੇ ਦੌਰਾਨ 29 ਖੇਡਾਂ ’ਚ ਭਾਗ ਲਿਆ। ਇਸ ਮੌਕੇ ਡਾ. ਦਲਜੀਤ ਸਿੰਘ ਨੇ ਇਸ ਇਤਿਹਾਸਕ ਜਿੱਤ ਦਾ ਸਿਹਰਾ ਖਿਡਾਰੀਆਂ ਸਿਰ ਬੰਨ੍ਹਦਿਆਂ ਕਿਹਾ ਕਿ ਅਜਿਹੀ ਸਫ਼ਲਤਾ ਪਿੱਛੇ ਕੌਂਸਲ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਤੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਪ੍ਰਿੰ. ਡਾ. ਮਹਿਲ ਸਿੰਘ ਦੀ ਦੂਰ-ਅੰਦੇਸ਼ੀ ਸੋਚ ਕਾਰਜਸ਼ੀਲ ਹੈ।